ਹਰਿਮੰਦਰ ਸਾਹਿਬ ਨੂੰ ਧਮਕੀਆਂ ਮਿਲਣ ਸਬੰਧੀ ਮੁੱਖ ਮੰਤਰੀ ਸਰਬ ਪਾਰਟੀ ਮੀਟਿੰਗ ਸੱਦਣ: ਬਾਜਵਾ
ਮਹਿੰਦਰ ਸਿੰਘ ਰੱਤੀਆਂ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੰਮ੍ਰਿਤਸਰ ’ਚ ਸਰਬ ਪਾਰਟੀ ਮੀਟਿੰਗ ਬੁਲਾਉਣ ਤੇ ਸੱਚ ਲੋਕਾਂ ਸਾਹਮਣੇ ਰੱਖਣ ਦੀ ਮੰਗੀ ਕੀਤੀ ਹੈ। ਉਨ੍ਹਾਂ ਇਥੇ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ’ਚ ਕਿਹਾ ਕਿ ਕੇਂਦਰ ਨੇ ਜੰਮੂ ਕਸ਼ਮੀਰ ਨੂੰ ਦੋ ਹਿੱਸਿਆਂ ’ਚ ਵੰਡ ਕੇ ਸੂਬੇ ਦੀ ਹੋਂਦ ਖ਼ਤਮ ਕਰ ਦਿੱਤੀ ਹੈ ਪਰ ਹੁਣ ਮੋਦੀ ਸਰਕਾਰ ਦੇ ਸੰਵਿਧਾਨ ਤੋੜਨ ਦੇ ਕਥਿਤ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
ਬਾਜਵਾ ਨੇ ਕਿਹਾ ਕਿ ਬੇਅਦਬੀ ਮੁੱਦੇ ’ਤੇ ਸੱਦੇ ਵਿਸ਼ੇਸ਼ ਸੈਸ਼ਨ ਦੌਰਾਨ ‘ਆਪ’ ਸਰਕਾਰ ਨਾ ਸਿਰਫ ਬੇਅਦਬੀ ਬਿੱਲ ’ਤੇ ਸਦਨ ਨੂੰ ਭਰੋਸੇ ’ਚ ਲੈਣ ’ਚ ਅਸਫ਼ਲ ਰਹੀ, ਸਗੋਂ ਜਾਣ-ਬੁੱਝ ਕੇ ਹਰਿਮੰਦਰ ਸਾਹਿਬ ਵਿਖੇ ਈਮੇਲਾਂ ਰਾਹੀਂ ਮਿਲ ਰਹੀਆਂ ਧਮਕੀਆਂ ਦਾ ਮਾਮਲਾ ਲੁਕਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਉਨ੍ਹਾਂ ਆਖਿਆ, “ਇਹ ਸਿਰਫ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ ਬਲਕਿ ਸਰਬ ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਪਵਿੱਤਰ ਧਾਰਮਿਕ ਸਥਾਨ ਦੀ ਸੁਰੱਖਿਆ ਦਾ ਮਸਲਾ ਹੈ।’’ ਉਨ੍ਹਾਂ ਨੇ ਸੂਬੇ ’ਚ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਦਾ ਪ੍ਰਗਟਾਵਾ ਵੀ ਕੀਤਾ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੈਂਡ ਪੂਲਿੰਗ ਨੀਤੀ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਬਿਨਾਂ ਮੁਆਵਜ਼ਾ ਦਿੱਤੇ ਲੁੱਟਣ ਦੀ ਤਿਆਰੀ ਹੋ ਰਹੀ ਹੈ। ਉਨ੍ਹਾਂ ਕਿਹਾ, ‘‘ਇਹ ਸੰਵਿਧਾਨ ’ਤੇ ਹਮਲਾ ਹੈ। ਅੱਜ ਦੇਸ਼ ’ਚ ਸੰਵਿਧਾਨ ਦੀ ਰੱਖਿਆ ਸਭ ਤੋਂ ਵੱਡੀ ਲੋੜ ਬਣੀ ਹੋਈ ਹੈ। ਅਸੀਂ ਬਾਬਾ ਸਾਹਿਬ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਦੀ ਰਾਖੀ ਲਈ ਲੜ ਰਹੇ ਹਾਂ। ਜੇ ਸੰਵਿਧਾਨ ਨਾ ਹੁੰਦਾ ਤਾਂ ਸ਼ਾਇਦ ਅੱਜ ਅਸੀਂ ਆਪਣੀ ਆਵਾਜ਼ ਬੁਲੰਦ ਨਹੀਂ ਕਰ ਸਕਦੇ ਸੀ।’’ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੋਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਉਹ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸੇਧਦਿਆ ਕਿਹਾ ਕਿ ਸੂਬੇ ’ਚ ਡੀਜੀਪੀ, ਮੁੱਖ ਸਕੱਤਰ ਤੇ ਯੋਜਨਾ ਤੇ ਉਦਯੋਗ ਵਿਭਾਗ ਗ਼ੈਰ ਪੰਜਾਬੀ ਅਧਿਕਾਰੀਆਂ ਕੋਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਮਾਨ ਸਰਕਾਰ ਵੱਲੋਂ ਬਦਲਾਖੋਰੀ ਤਹਿਤ ਦਰਜ ਕੇਸਾਂ ਦੀ ਪੜਚੋਲ ਲਈ ਵਿਜੀਲੈਂਸ ਜਾਂਚ ਕਰਵਾ ਕੇ ਤੇ ‘ਕਮਿਸ਼ਨ’ ਬਣਾ ਕੇ ਝੂਠੇ ਪਰਚੇ ਰੱਦ ਕੀਤੇ ਜਾਣਗੇ।
ਪਿਛਲੀਆਂ ਚੋਣਾਂ ’ਚ ਹਾਰ ਲਈ ਕੈਪਟਨ ਜ਼ਿੰਮੇਵਾਰ: ਵੜਿੰਗ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਦੇ ਇਕੱਠ ਨੇ ਸਿੱਧ ਕਰ ਦਿੱਤਾ ਕਿ 2027 ਦੀਆਂ ਚੋਣਾਂ ’ਚ ਇਤਿਹਾਸ ਮੋਗਾ ਤੋਂ ਲਿਖਿਆ ਜਾਵੇਗਾ। ਉਨ੍ਹਾਂ 2022 ਚੋਣਾਂ ’ਚ ਕਾਂਗਰਸ ਦੀ ਹਾਰ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਆਖਿਆ ਕਿ ਉਸ ਸਮੇਂ ਕਾਂਗਰਸੀ ਵਰਕਰਾਂ ਦੀ ਹੀ ਨਹੀਂ ਬਲਕਿ ਵਿਧਾਇਕਾਂ ਦੀ ਵੀ ਕੋਈ ਗੱਲ ਨਹੀਂ ਸੁਣੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਨਸ਼ੇ ਕੋਈ ਵੀ ਸਰਕਾਰ ਖ਼ਤਮ ਨਹੀਂ ਕਰ ਸਕਦੀ। ਪੁਲੀਸ ਪੰਜਾਬ ਅੰਦਰ ਹਜ਼ਾਰਾਂ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ ਪਰ ਬਾਵਜੂਦ ਇਸ ਦੇ ਨਸੇ ਨੂੰ ਠੱਲ੍ਹ ਨਹੀਂ ਪਾਈ ਜਾ ਸਕੀ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਕੈਪਟਨ ਸੰਦੀਪ ਸੰਧੂ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਪਰਮਪਾਲ ਸਿੰਘ ਤਖ਼ਤੂਪੁਰਾ, ਵਿਧਾਇਕ ਕਾਲਾ ਢਿੱਲੋਂ, ਕੋਆਰਡੀਨੇਟਰ ਸੁਖਪਾਲ ਸਿੰਘ ਭੁੱਲਰ ਆਦਿ ਹਾਜ਼ਰ ਸਨ।