ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸੀ ਵਫ਼ਦ ਦੀ ਅਗਵਾਈ ਕਰਦਿਆਂ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਕੇਂਦਰੀ ਖੇਤੀ ਬਿੱਲਾਂ ਬਾਰੇ ਇਕ ਮੈਮੋਰੰਡਮ ਸੌਂਪਿਆ ਤੇ ਖੇਤੀ ਬਿੱਲਾਂ ਨੂੰ ਲਾਗੂ ਨਾ ਕਰਨ ਬਾਰੇ ਰਾਜਪਾਲ ਦਾ ਦਖਲ ਮੰਗਿਆ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਅਮਲ ’ਚ ਆਉਣ ਨਾਲ ਸਰਹੱਦੀ ਸੂਬੇ ਵਿੱਚ ਬਦਅਮਨੀ ਫੈਲੇਗੀ ਕਿਉਂਕਿ ਗੁਆਂਢੀ ਮੁਲਕ ਪਾਕਿਸਤਾਨ ਤਾਂ ਪਹਿਲਾਂ ਗੜਬੜੀ ਪੈਦਾ ਕਰਨ ਦੀ ਤਾਕ ਵਿੱਚ ਹੈ। ਮੁੱਖ ਮੰਤਰੀ ਨੇ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਘਰਸ਼ੀ ਕਿਸਾਨਾਂ ’ਤੇ ਧਾਰਾ 144 ਦੀ ਉਲੰਘਣਾ ਦੇ ਮਾਮਲੇ ’ਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਕਿਸਾਨ ਆਪਣੀ ਜ਼ਿੰਦਗੀ ਤੇ ਰੋਜ਼ੀ-ਰੋਟੀ ਲਈ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਖ਼ਿਲਾਫ਼ ਪਹਿਲਾਂ ਧਾਰਾ 144 ਦੀ ਉਲੰਘਣਾ ਦੇ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਸ ਪ੍ਰਗਟ ਕਰਨ ਲਈ ਟਰੈਫ਼ਿਕ ਜਾਮ ਨਾ ਕਰਨ ਅਤੇ ਨਾ ਹੀ ਧਾਰਾ 144 ਦੀ ਉਲੰਘਣਾ ਕਰਨ।
ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ ’ਤੇ ਲਿਜਾਣ ਅਤੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਇੱਕ ਸੁਆਲ ਦੇ ਜੁਆਬ ’ਚ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਆਰਡੀਨੈਂਸ ਕਿਸਾਨ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ। ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਹੋਰਨਾਂ ਮੈਂਬਰਾਂ ਦੀ ਹਾਜ਼ਰੀ ’ਚ ਰਾਜਪਾਲ ਨੂੰ ਦੱਸਿਆ ਕਿ ਖੇਤੀ ਆਰਡੀਨੈਂਸਾਂ ਦਾ ਕਦਮ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਲਈ ਘਾਤਕ ਸਿੱਧ ਹੋ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿੱਚ ਨਾਟਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਆਪਣਾ ਵਿਰੋਧ ਕਿਉਂ ਨਹੀਂ ਦਰਜ ਕਰਾਇਆ। ਪਹਿਲਾਂ ਅਕਾਲੀਆਂ ਨੇ ਵਿਧਾਨ ਸਭਾ ਵਿੱਚ ਕੀ ਕੀਤਾ। ਅਕਾਲੀਆਂ ਦਾ ਯੂ-ਟਰਨ ਮਹਿਜ਼ ਡਰਾਮੇਬਾਜ਼ੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉੱਚ ਤਾਕਤੀ ਕਮੇਟੀ ਵਿਚ ਕੇਂਦਰ ਸਰਕਾਰ ਨੇ ਆਰਡੀਨੈਂਸਾਂ ਬਾਰੇ ਕੋਈ ਮਸ਼ਵਰਾ ਨਹੀਂ ਮੰਗਿਆ ਸੀ ਬਲਕਿ ਜਾਣੂ ਹੀ ਕਰਾਇਆ ਗਿਆ ਸੀ। ਵਫਦ ਵਿੱਚ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ ਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਰਾਣਾ ਗੁਰਜੀਤ ਸਿੰਘ, ਕੁਲਜੀਤ ਸਿੰਘ ਨਾਗਰਾ ਤੇ ਡਾ. ਰਾਜ ਕੁਮਾਰ ਵੇਰਕਾ ਅਤੇ ਕਾਂਗਰਸ ਸਕੱਤਰ ਕੈਪਟਨ ਸੰਦੀਪ ਸੰਧੂ ਵੀ ਸ਼ਾਮਲ ਸਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਦੀ ਕਿਸਾਨੀ ਨੂੰ ਸਿਜਦਾ ਕੀਤਾ ਜਿਨ੍ਹਾਂ ਅਕਾਲੀਆਂ ਨੂੰ ਫ਼ੈਸਲਾ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ ’ਚੋਂ ਅਸਤੀਫ਼ੇ ਦਾ ਡਰਾਮਾ ਰਚਣ ਦੀ ਹੱਦ ਤੱਕ ਵੀ ਜਾ ਸਕਦਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਨੈਂਸਾਂ ਬਾਰੇ ਕਦੇ ਵੀ ਪੰਜਾਬ ਦੀ ਸਲਾਹ ਨਹੀਂ ਲਈ ਹੈ।
ਮੁੱਖ ਮੰਤਰੀ ਕਿਸਾਨਾਂ ਤੋਂ ਮੁਆਫੀ ਮੰਗਣ: ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸੂਬੇ ਦੀ ਰਾਜਧਾਨੀ ਵਿੱਚ ਆਏ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਸੀ ਕਿਉਂਕਿ ਉਹ ਸੰਸਦ ਵਿਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਫੇਲ੍ਹ ਹੋ ਗਏ ਤੇ ਆਪਣੇ ਨਾਂ ’ਤੇ ਲੱਗੇ ਕਿਸਾਨ ਵਿਰੋਧੀ ਧੱਬੇ ਨੂੰ ਧੋਣ ਲਈ ਸੜਕ ਕੰਢੇ ਡਰਾਮਾ ਕਰਨ ਦੀ ਥਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਅਕਾਲੀ ਆਗੂ ਨੇ ਸੰਗਰੂਰ ਦੇ ਐਮਪੀ ਤੇ ‘ਆਪ’ ਦੇ ਸੂਬਾ ਕਨਵੀਨਰ ਭਗਵੰਤ ਮਾਨ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਦੋ ਵਾਰ ਦੇ ਸੰਸਦ ਮੈਂਬਰ ਨੂੰ ਇਹ ਵੀ ਨਹੀਂ ਪਤਾ ਕਿ ਸੰਸਦ ਵਿੱਚ ਬਿੱਲ ਹਮੇਸ਼ਾ ਧਵਨੀ ਮਤ ਨਾਲ ਪਾਸ ਹੁੰਦੇ ਹਨ ਅਤੇ ਉਹ ਝੂਠ ਬੋਲ ਰਹੇ ਹਨ ਕਿ ਸੰਸਦ ਵਿੱਚ ਜ਼ਰੂਰੀ ਵਸਤਾਂ ਐਕਟ ਬਾਰੇ ਕੱਲ੍ਹ ਕੋਈ ਵੋਟਿੰਗ ਨਹੀਂ ਹੋਈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਕਿਹਾ ਕਿ ਅਕਾਲੀ ਦਲ ਨੇ ਸੰਸਦ ’ਚ ਕਿਸਾਨਾਂ ਦੇ ਪੱਖ ’ਚ ਖੜ੍ਹ ਕੇ ਆਪਣੇ ਵਿਰਸੇ ਨੂੰ ਦੁਹਰਾ ਦਿੱਤਾ ਹੈ ਅਤੇ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ ਵਿਚ ਖੜਨ ਦਾ ਆਪਣਾ ਵਾਅਦਾ ਪੂਰਾ ਕਰ ਦਿਖਾਇਆ ਹੈ।