ਸ਼ਹੀਦੀ ਦਿਹਾੜੇ ਸਬੰਧੀ ਗੋਆ ਤੇ ਉੜੀਸਾ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸੇ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭੁਵਨੇਸ਼ਵਰ ਪਹੁੰਚ ਕੇ ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਮਹਾਰਾਸ਼ਟਰ ਵਿਖੇ ਤਖ਼ਤ ਸੱਚਖੰਡ ਹਜ਼ੂਰ ਸਾਹਿਬ, ਨਾਂਦੇੜ ਵਿਖੇ ਨਤਮਸਤਕ ਹੋ ਕੇ ਤਖ਼ਤ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
