ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ ਨਾਲੋਂ ਪੰਜਾਬ ਵਿੱਚ ਠੰਢ ਵਧੀ

ਪੰਜਾਬ ਦਾ ਫਰੀਦਕੋਟ ਸ਼ਹਿਰ ਲਗਾਤਾਰ ਤੀਜੇ ਦਿਨ ਰਿਹਾ ਸਭ ਤੋਂ ਠੰਢਾ; ਤਾਪਮਾਨ 4 ਡਿਗਰੀ ਸੈਲਸੀਅਸ ਕੀਤਾ ਦਰਜ; ਮੌਸਮ ਵਿਭਾਗ ਨੇ 30 ਨਵੰਬਰ ਨੂੰ ਮੌਸਮ ਬਦਲਣ ਦੀ ਕੀਤੀ ਪੇਸ਼ੀਨਗੋਈ
Advertisement

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਠੰਢ ਵਧਣੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਲੋਕਾਂ ਨੂੰ ਸਵੇਰ ਅਤੇ ਰਾਤ ਸਮੇਂ ਘਰੋਂ ਬਾਹਰ ਨਿਕਲਣ ਸਮੇਂ ਗਰਮ ਕੱਪੜਿਆਂ ਦੀ ਵਰਤੋਂ ਕਰਨੀ ਪੈ ਰਹੀ ਹੈ ਪਰ ਪਿਛਲੇ ਦੋ-ਤਿੰਨ ਦਿਨਾਂ ਤੋਂ ਹਰਿਆਣਾ ਨਾਲੋਂ ਪੰਜਾਬ ਵਿੱਚ ਠੰਢ ਵਧੇਰੇ ਵੱਧ ਗਈ ਹੈ। ਪੰਜਾਬ ਵਿੱਚ ਤਾਪਮਾਨ ਹਰਿਆਣਾ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦਾ ਫਰੀਦਕੋਟ ਸ਼ਹਿਰ ਲਗਾਤਾਰ ਤੀਜੇ ਦਿਨ ਸੂਬੇ ਵਿੱਚ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਹਰਿਆਣਾ ਦਾ ਹਿਸਾਰ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨ ਮੌਸਮ ਸਾਫ ਰਹਿਣ ਅਤੇ 30 ਨਵੰਬਰ ਤੋਂ ਮਾਮੂਲੀ ਬਦਲਾਅ ਦੀ ਪੇਸ਼ੀਨਗੋਈ ਕੀਤੀ ਹੈ। 30 ਨਵੰਬਰ ਨੂੂੰ ਕਈ ਥਾਵਾਂ ’ਤੇ ਬੱਦਲਵਾਈ ਰਹਿ ਸਕਦੀ ਹੈ, ਜਿਸ ਕਰਕੇ ਦਿਨ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਰਾਤ ਸਮੇਂ ਠੰਢ ਨੇ ਜ਼ੋਰ ਫੜ ਲਿਆ ਹੈ। ਇਸੇ ਕਰਕੇ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ, ਜਦੋਂ ਕਿ ਦਿਨ ਸਮੇਂ ਤਾਪਮਾਨ 22 ਤੋਂ 26 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਦਿਨ ਸਮੇਂ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਗਿਆਨੀਆਂ ਨੇ ਲੋਕਾਂ ਨੂੰ ਠੰਢ ਦੇ ਵਧਣ ਦੇ ਨਾਲ ਹੀ ਘਰੋਂ ਬਾਹਰ ਨਿਕਲਣ ਸਮੇਂ ਗਰਮ ਕੱਪੜਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 7.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 7.8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 7.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.4 ਡਿਗਰੀ ਸੈਲਸੀਅਸ, ਪਠਾਨਕਾਟ ਵਿੱਚ 7.4 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 5.6 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 7 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 9 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 6.7 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 8 ਡਿਗਰੀ ਸੈਲਸੀਅਸ, ਮਾਨਸਾ ਵਿੱਚ 8 ਡਿਗਰੀ ਸੈਲਸੀਅਸ, ਰੋਪੜ ਵਿੱਚ 6.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।

Advertisement

Advertisement
Show comments