ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਮਨ ਤੇ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ, ਜਿਸ ਨਾਲ ਪੰਜਾਬੀਆਂ ਦੇ ਮਨਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਗਈ ਹੈ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਹੈ ਕਿ ਉਹ ਪ੍ਰਾਪੇਗੰਡਾ ਵਾਲੇ ਕੰਮ ਛੱਡ ਕੇ ਤੁਰੰਤ ਸਖ਼ਤ ਕਦਮ ਉਠਾਉਣ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ‘ਆਪ’ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅਮਨ-ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕਬੱਡੀ ਖਿਡਾਰੀਆਂ ਦੇ ਕਤਲ, ਗੈਂਗਸਟਰਾਂ ਵਿੱਚ ਗੋਲੀਆਂ ਚੱਲਣ ਅਤੇ ਜੈਤੋ ਟਰੱਕ ਯੂਨੀਅਨ ’ਤੇ ਕਬਜ਼ੇ ਦੌਰਾਨ ਖ਼ੂਨੀ ਟਕਰਾਅ ਹੋਇਆ। ਡਾ. ਚੀਮਾ ਨੇ ਕਿਹਾ ਕਿ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਸਰਕਾਰ ਨੇ ਪੁਲੀਸ ਨੂੰ ਇਸ਼ਾਰਾ ਕਰ ਦਿੱਤਾ ਹੈ ਕਿ ‘ਆਪ’ ਵਰਕਰਾਂ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ ਜਾਵੇ।
‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਸੂਬੇ ’ਚ ਅਰਾਜਕਤਾ ਫੈਲੀ: ਚੰਦੂਮਾਜਰਾ
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ। ਗੈਂਗਸਟਰਾਂ ਵੱਲੋਂ ਰਾਹ ਜਾਂਦੇ ਲੋਕਾਂ ’ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਕਬੱਡੀ ਮੈਚਾਂ ਵਿੱਚ ਖਿਡਾਰੀਆਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਹੱਥ ’ਤੇ ਹੱਥ ਧਰ ਕੇ ਬੈਠੀ ਹੈ।