ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਨ ਸਭਾ ’ਚ ਕਰਨਲ ਦੀ ਕੁੱਟਮਾਰ ਤੇ ਕਿਸਾਨੀ ਮੁੱਦਿਆਂ ਦੀ ਗੂੰਜ

ਬਾਜਵਾ ਨੇ ਕੁੱਟਮਾਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਬਰਖ਼ਾਸਤ ਤੇ ਐੱਸਐੱਸਪੀ ਨੂੂੰ ਬਦਲਣ ਦੀ ਮੰਗ ਕੀਤੀ; ਮਨਪ੍ਰੀਤ ਇਯਾਲੀ ਵੱਲੋਂ ਸੂਬਾ ਸਰਕਾਰ ਦੀ ਕਿਸਾਨਾਂ ਖ਼ਿਲਾਫ਼ ਕਾਰਵਾਈ ਦੀ ਨਿਖੇਧੀ
ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਵਿਧਾਇਕ ਤੇ ਹੋਰ ਆਗੂ। ਫੋਟੋ: ਵਿੱਕੀ ਘਾਰੂ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 21 ਮਾਰਚ

Advertisement

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਿਫ਼ਰ ਕਾਲ ਦੌਰਾਨ ਪਟਿਆਲਾ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਦੀ ਕੁੱਟਮਾਰ ਕਰਨ ਅਤੇ ਕਿਸਾਨੀ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਵਿਧਾਇਕਾਂ ਦੇ ਨਾਲ-ਨਾਲ ਸੱਤਾਧਾਰੀ ਧਿਰ ਦੇ ਵਿਧਾਇਕਾਂ ਨੇ ਵੀ ਕਈ ਮੁੱਦੇ ਉਭਾਰੇ। ਸਿਫ਼ਰ ਕਾਲ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਟਿਆਲਾ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਦਾ ਮੁੱਦਾ ਚੁੱਕਿਆ। ਸ੍ਰੀ ਬਾਜਵਾ ਨੇ ਮੰਗ ਕੀਤੀ ਕਿ ਕਰਨਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ। ਇਸ ਦੇ ਨਾਲ ਹੀ ਕਰਨਲ ਬਾਠ ਨਾਲ ਕੁੱਟਮਾਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਐੱਸਐੱਸਪੀ ਨਾਨਕ ਸਿੰਘ ਨੂੰ ਵੀ ਪਟਿਆਲਾ ਤੋਂ ਬਦਲਿਆ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ‘ਆਪ’ ਆਗੂ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਲ ਹੁੰਦੇ ਸਨ ਪਰ ਅੱਜ ਉਹੀ ਕਿਸਾਨ ਸਰਕਾਰ ਨੂੰ ਮਾੜੇ ਲੱਗਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਦੇ ਅੱਗੇ ਚੁੱਕਣੀਆਂ ਚਾਹੀਦੀਆਂ ਹਨ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸੜਕਾਂ ਕਿਸਾਨਾਂ ਨੇ ਨਹੀਂ ਬਲਕਿ ਹਰਿਆਣਾ ਸਰਕਾਰ ਨੇ ਬੰਦ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਹੈ। ਇਸ ਦੌਰਾਨ ਪਰਗਟ ਸਿੰਘ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ’ਤੇ ਵੀ ਨਿਸ਼ਾਨਾ ਸੇਧਿਆ। ਸਪੀਕਰ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਵਿਰੁੱਧ ਕਦੇ ਕੁਝ ਨਹੀਂ ਕਿਹਾ। ਇਸ ਦੇ ਨਾਲ ਹੀ ਸਪੀਕਰ ਨੇ ਪਰਗਟ ਸਿੰਘ ਨੂੰ ਬਿਠਾ ਦਿੱਤਾ।

‘ਆਪ’ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਡੀਏਪੀ ਦੀ ਘਾਟ ਤੇ ਵਿਧਾਇਕ ਨਰੇਸ਼ ਕਟਾਰੀਆ ਨੇ ਉਨ੍ਹਾਂ ਦੇ ਇਲਾਕੇ ਵਿੱਚ ਬੰਦ ਪਈ ਖੰਡ ਮੀਲ ਨੂੰ ਮੁੜ ਸ਼ੁਰੂ ਕਰਨ ਦਾ ਮੁੱਦਾ ਚੁੱਕਿਆ। ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਸਕੂਲਾਂ ਵਿੱਚ ਖਾਣਾ ਬਣਾਉਣ ਵਾਲੀਆਂ ਬੀਬੀਆਂ ਦੀ ਤਨਖਾਹ ਵਧਾਉਣ ਦੀ ਮੰਗ ਕੀਤੀ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਨਿਯਮ ਬਣਾਉਣ ਦੀ ਮੰਗ ਕੀਤੀ।

ਪੰਜਾਬ ਵਿੱਚ ਓਪੀਐੱਸ ਨੂੰ ਸ਼ੁਰੂ ਕੀਤਾ ਜਾਵੇ: ਨਛੱਤਰ ਸਿੰਘ

ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਿਧਾਇਕ ਨਛੱਤਰ ਸਿੰਘ ਨੇ ਪੰਜਾਬ ’ਚ ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਨੂੰ ਲਾਗੂ ਕਰਨ ਦੀ ਮੰਗ ਕੀਤੀ। ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ ਨੇ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਨਾਲ-ਨਾਲ 6ਵੇਂ ਪੇਅ ਕਮਿਸ਼ਨ ਦੇ ਬਕਾਏ ਜਾਰੀ ਕਰਨ ਦੀ ਮੰਗ ਕੀਤੀ।

Advertisement
Show comments