ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਗਸਤ
ਪੰਜਾਬ ਵਿੱਚ ਪਰਾਲੀ ਸਾੜਨ ਕਰਕੇ ਪੈਦਾ ਹੋਣ ਵਾਲਾ ਪ੍ਰਦੂਸ਼ਣ ਘਟਾਉਣ ਲਈ ਪੰਜਾਬ ਸਰਕਾਰ ਨੇ ਕੰਬਾਈਨ ਹਾਰਵੈਸਟਰ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸੂਬੇ ਦੇ ਕੁੱਲ 13 ਹਜ਼ਾਰ ਵਿੱਚੋਂ ਕੁਝ ਕੰਬਾਈਨ ਮਾਲਕ ਪੈਸਾ ਅਤੇ ਸਮਾਂ ਬਚਾਉਣ ਲਈ ਇਸ ਪ੍ਰਣਾਲੀ ਨੂੰ ਫਿੱਟ ਨਹੀਂ ਕਰਦੇ। ਸ੍ਰੀ ਪੰਨੂ ਨੇ ਦੱਸਿਆ ਕਿ ਪੰਜਾਬ ਵਿੱਚ 67 ਲੱਖ ਏਕੜ ਰਕਬਾ ਝੋਨੇ ਦੀ ਕਾਸ਼ਤ ਅਧੀਨ ਹੈ ਅਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਨੂੰ ਹਾਲੇ ਇੱਕ ਮਹੀਨਾ ਬਾਕੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਐੱਸਐਮਐੱਸ ਬਗੈਰ ਕਿਸੇ ਨੂੰ ਵੀ ਕੰਬਾਈਨ ਨਾਲ ਫਸਲ ਦੀ ਕਟਾਈ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਦੀਆਂ ਕੰਬਾਈਨਾਂ ਜ਼ਬਤ ਕਰਕੇ ਕੇਸ ਦਰਜ ਕੀਤੇ ਜਾਣਗੇ।