ਬੂਟਾ ਸਿੰਘ ਖ਼ਿਲਾਫ਼ ਟਿੱਪਣੀ: ਵੜਿੰਗ ਤੇ ਜ਼ਿਲ੍ਹਾ ਚੋਣ ਅਫ਼ਸਰ ਨੇ ਪੇਸ਼ੀ ਤੋਂ ਛੋਟ ਮੰਗੀ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕਥਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਅੱਜ ਰਾਜਾ ਵੜਿੰਗ ਵੱਲੋਂ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੂਹਰੇ ਪੇਸ਼ ਹੋਏ, ਜਿਨ੍ਹਾਂ ਨੇ ਵੜਿੰਗ ਨੂੰ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਅੱਜ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਈ-ਮੇਲ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਤੋਂ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਈ-ਮੇਲ ਰਾਹੀਂ ਪੱਤਰ ਭੇਜ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੇ ਪੱਤਰ ਜਾਰੀ ਕਰ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਟਿੱਪਣੀ ਬਾਰੇ ਸਪਸ਼ਟੀਕਰਨ ਦੀ ਮੰਗ ਕੀਤੀ ਤੇ ਹੁਣ ਪ੍ਰਾਪਤ ਸਪਸ਼ਟੀਕਰਨ ਦੀ ਪੁਲੀਸ ਵੱਲੋਂ ਘੋਖ ਕੀਤੀ ਜਾ ਰਹੀ ਹੈ। ਕਮਿਸ਼ਨ ਨੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਪੱਤਰ ਨੂੰ ਸਵੀਕਾਰ ਕਰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨ ਨੂੰ 17 ਨਵੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਵੱਲੋਂ ਕਪੂਰਥਲਾ ਪੁਲੀਸ ਤੋਂ ਰਾਜਾ ਵੜਿੰਗ ਖ਼ਿਲਾਫ਼ ਦਰਜ ਕੇਸ ਸਬੰਧੀ 10 ਨਵੰਬਰ ਨੂੰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
