ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਕਤੂਬਰ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਰੇਲਵੇ ਸਟੇਸ਼ਨਾਂ ਤੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਪਲਾਂਟ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨਾਂ ਨੇ ਭਾਜਪਾ, ਸਰਕਾਰੀ ਏਜੰਸੀਆਂ ਤੇ ਕਾਰਪੋਰੇਟ ਘਰਾਣਿਆਂ ਦੀਆਂ ਸਾਰੀਆਂ ਸਾਜ਼ਿਸ਼ਾਂ ਨਾਕਾਮ ਕਰਨ ਲਈ ਇਕਜੁੱਟਤਾ ਬਣਾਈ ਰੱਖਣ ਦਾ ਅਹਿਦ ਲਿਆ ਹੈ। ਕਿਸਾਨ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਤੇ ਏਜੰਸੀਆਂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਅਤੇ ਨਾਕਾਮ ਕਰਨ ਲਈ ਕੋਝੀਆਂ ਕਾਰਵਾਈਆਂ ਕਰ ਰਹੇ ਹਨ। ਉਨ੍ਹਾਂ ਸਿੰਘੂ ਹੱਦ ’ਤੇ ਹੋਈ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਮੀਡੀਆ ਰਿਪੋਰਟਾਂ ਨੇ ਹਾਕਮਾਂ ਦਾ ਚਿਹਰਾ ਨੰਗਾ ਕਰ ਦਿੱਤਾ ਹੈ। ਇਸ ਲਈ ਹੁਣ ਸਰਕਾਰ ਦੀ ਕੋਈ ਵੀ ਸਾਜ਼ਿਸ਼ ਕਿਸਾਨੀ ਅੰਦੋਲਨ ਨੂੰ ਢਾਹ ਨਹੀਂ ਲਾ ਸਕਦੀ। ਉਨ੍ਹਾਂ ਕਿਹਾ ਕਿ ਰੇਲ ਰੋਕੋ ਪ੍ਰੋਗਰਾਮ ਨੂੰ ਸਿਰਫ਼ ਬੇਮਿਸਾਲ ਹੁੰਗਾਰਾ ਹੀ ਨਹੀਂ ਮਿਲਿਆ ਸਗੋਂ ਇਹ ਸ਼ਾਂਤਮਈ ਵੀ ਰਿਹਾ। ਇਸ ਹੁੰਗਾਰੇ ਨਾਲ ਅੰਦੋਲਨ ਦੀ ਪੁਖ਼ਤਗੀ ਉੱਪਰ ਇੱਕ ਵਾਰ ਫਿਰ ਮੋਹਰ ਲੱਗੀ ਹੈ।