ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 14 ਅਕਤੂਬਰ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਮੰਡੀ ਗੋਬਿੰਦਗੜ੍ਹ ਵਿੱਚ ਭਾਰਤੀ ਡਾਕ ਵਿਭਾਗ ਦੇ ਪ੍ਰਾਜੈਕਟ ‘ਬੜ੍ਹਤੇ ਨੰਨ੍ਹੇ ਕਦਮ’ ਦੀ ਸ਼ੁਰੂਆਤ ਕੀਤੀ। ਡਾਕ ਵਿਭਾਗ ਦੀ ਡਾਇਰੈਕਟਰ ਰਾਧਿਕਾ ਧੀਰ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ੁਰੂ ਕੀਤਾ ਗਿਆ ਪ੍ਰਾਜੈਕਟ ‘ਬੜ੍ਹਤੇ ਨੰਨ੍ਹੇ ਕਦਮ’ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਪੈਸਿਆਂ ਦੀ ਬੱਚਤ ਕਰਨ ਅਤੇ ਉਨ੍ਹਾਂ ਦਾ ਸਹੀ ਥਾਂ ’ਤੇ ਇਸਤੇਮਾਲ ਕਰਨ ਲਈ ਜਾਗਰੂਕ ਕਰੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀ ਇਸ ਸਕੀਮ ਨੂੰ ਸਫਲ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌੜੇਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਖਾਤਮੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਦੇਖਣ ਨੂੰ ਮਿਲੇਗਾ। ਇਸ ਮੌਕੇ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਮੌਜੂਦ ਸਨ।ਸਰਕਾਰੀ ਮੈਡੀਕਲ ਕਾਲਜ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਲਈ ਛੇਤੀ ਹੀ ਵਾਕ-ਇਨ ਇੰਟਰਵਿਊ ਰਾਹੀਂ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਲੋਹਾ ਨਗਰੀ ਹੋਣ ਕਰਕੇ ਇੱਥੇ ਕੰਮ ਕਰਨ ਵਾਲੇ ਵਰਕਰਾਂ ਦੀ ਸੁਰੱਖਿਆ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ਦੇ ਸਬ ਡਿਵੀਜ਼ਨਲ ਹਸਪਤਾਲ ਅਤੇ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਨੂੰ ਛੇਤੀ ਹੀ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।