DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Community Health Officers Strike: 2500 ਪਿੰਡਾਂ ਦੀਆਂ ਆਯੁਸ਼ਮਾਨ ਆਰੋਗਿਆ ਕੇਂਦਰ ਡਿਸਪੈਂਸਰੀਆਂ ਰਹਿਣਗੀਆਂ ਬੰਦ; ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਮੁਕੰਮਲ ਹੜਤਾਲ

10 ਅਗਸਤ ਨੂੰ ਐੱਨ.ਐੱਚ.ਐੱਮ. ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੇਣਗੇ ਵਿਸ਼ਾਲ ਧਰਨਾ

  • fb
  • twitter
  • whatsapp
  • whatsapp
featured-img featured-img
ਰੋਸ ਪ੍ਰਦਰਸ਼ਨ ਕਰਦੇ ਹੋਏ ਕਮਿਊਨਟੀ ਹੈਲਥ ਅਫ਼ਸਰ।ਫੋਟੋ ਜਸਪਾਲ ਸੰਧੂ
Advertisement

ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਦੇ ਰਹੇ ਕਮਿਊਨਿਟੀ ਹੈਲਥ ਅਫ਼ਸਰ (ਸੀ.ਐੱਚ.ਓ.) ਅੱਜ ਤੋਂ ਮੁਕੰਮਲ ਹੜਤਾਲ ’ਤੇ ਚਲੇ ਗਏ ਹਨ। ਇਸ ਕਾਰਨ ਸੂਬੇ ਦੇ ਹਜ਼ਾਰਾਂ ਪਿੰਡਾਂ ਵਿੱਚ ਚੱਲ ਰਹੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।

ਪੰਜਾਬ ਭਰ ਦੇ ਸਮੂਹ ਸੀ.ਐੱਚ.ਓ. ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂ ਨਰਿੰਦਰ ਸਿੰਘ ਅਤੇ ਡਾ. ਪ੍ਰੀਤ ਮੁਖੀਜਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਸੀ.ਐੱਚ.ਓਜ਼ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਈ ਦੌਰ ਦੀਆਂ ਮੀਟਿੰਗਾਂ ਦੌਰਾਨ ਸਰਕਾਰ ਵੱਲੋਂ ਤਨਖ਼ਾਹ ਵਿੱਚ 5,000 ਰੁਪਏ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ 22 ਜੁਲਾਈ 2026 ਨੂੰ ਜਾਰੀ ਪੱਤਰ ਰਾਹੀਂ ਇਸ ਨੂੰ ਮੁੱਖ ਤਨਖਾਹ ਵਿੱਚ ਸ਼ਾਮਲ ਕਰਨ ਦੀ ਬਜਾਏ ਇੰਸੈਂਟਿਵ (Incentive) ਦੇ ਰੂਪ ਵਿੱਚ ਜਾਰੀ ਕਰ ਦਿੱਤਾ ਗਿਆ ਅਤੇ ਇਸ ਨਾਲ ਬੈਂਚਮਾਰਕ ਦੀ ਸ਼ਰਤ ਜੋੜ ਦਿੱਤੀ ਗਈ। ਇਸ ਤੋਂ ਬਾਅਦ 4 ਅਗਸਤ 2026 ਨੂੰ ਜਾਰੀ ਨਵੀਂਆਂ ਦਿਸ਼ਾ-ਨਿਰਦੇਸ਼ਾਂ (ਗਾਈਡਲਾਈਨਜ਼) ਵਿੱਚ ਹੋਰ ਵੀ ਅਜਿਹੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨਾ ਲਗਭਗ ਅਸੰਭਵ ਹੈ।

Advertisement

ਯੂਨੀਅਨ ਦਾ ਕਹਿਣਾ ਹੈ ਕਿ ਇਹ ਸਾਰਾ ਫ਼ੈਸਲਾ ਸੀ.ਐੱਚ.ਓਜ਼ ਨੂੰ ਅਸਲ ਵਿੱਤੀ ਲਾਭ ਤੋਂ ਵਾਂਝਾ ਰੱਖਣ ਦੀ ਇੱਕ ਸਾਜ਼ਿਸ਼ ਹੈ। ਆਗੂਆਂ ਨੇ ਦੱਸਿਆ ਕਿ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨਾਂ ਦੌਰਾਨ ਇਨ੍ਹਾਂ ਨਵੀਆਂ ਗਾਈਡਲਾਈਨਜ਼ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ, ਤਾਂ ਜੋ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਅਤੇ ਮੁਲਾਜ਼ਮ-ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਜਾ ਸਕੇ। ਆਗੂਆਂ ਨੇ ਦੋਸ਼ ਲਾਇਆ ਕਿ ਯੂਨੀਅਨ ਵੱਲੋਂ ਵਾਰ-ਵਾਰ ਪੱਤਰ ਲਿਖ ਕੇ ਮੀਟਿੰਗ ਲਈ ਸਮਾਂ ਮੰਗਿਆ ਗਿਆ ਸੀ ਤਾਂ ਜੋ ਗੱਲਬਾਤ ਰਾਹੀਂ ਮਸਲੇ ਦਾ ਹੱਲ ਨਿਕਲ ਸਕੇ, ਪਰੰਤੂ ਸਰਕਾਰ ਅਤੇ ਵਿਭਾਗ ਨੇ ਕੋਈ ਗੰਭੀਰਤਾ ਨਹੀਂ ਦਿਖਾਈ।

Advertisement

ਯੂਨੀਅਨ ਨੇ ਐਲਾਨ ਕੀਤਾ ਕਿ 10 ਅਗਸਤ 2026 ਨੂੰ ਨੈਸ਼ਨਲ ਹੈਲਥ ਮਿਸ਼ਨ (NHM), ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਭਰ ਤੋਂ ਹਜ਼ਾਰਾਂ ਸੀ.ਐੱਚ.ਓਜ਼ ਵਿਸ਼ਾਲ ਰੋਸ ਧਰਨਾ ਦੇਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ 2500 ਆਯੁਸ਼ਮਾਨ ਆਰੋਗਿਆ ਕੇਂਦਰ ਡਿਸਪੈਂਸਰੀਆਂ ਬੰਦ ਹੋਣ ਦੀ ਨੌਬਤ ਸੀ.ਐੱਚ.ਓਜ਼ ਕਰਕੇ ਨਹੀਂ, ਸਗੋਂ ਪੰਜਾਬ ਸਰਕਾਰ ਦੀ ਲਾਰੇਬਾਜ਼ੀ, ਵਾਅਦਾ-ਖ਼ਿਲਾਫ਼ੀ ਅਤੇ ਮੁਲਾਜ਼ਮ-ਵਿਰੋਧੀ ਨੀਤੀਆਂ ਕਰਕੇ ਆਈ ਹੈ। ਇਸ ਨਾਲ ਪੈਦਾ ਹੋਈ ਸਥਿਤੀ ਅਤੇ ਆਮ ਲੋਕਾਂ ਨੂੰ ਹੋਣ ਵਾਲੀ ਖੱਜਲ-ਖੁਆਰੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।

ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਮਨੀਸ਼ਾ, ਬਲਦੇਵ ਸਿੰਘ, ਅੰਜੂ, ਰਮਨਦੀਪ ਕੌਰ, ਡਾ. ਸਤਿਨਾਮ ਸਿੰਘ, ਡਾ. ਪ੍ਰੇਮ ਸਿੰਘ ਅਤੇ ਪੈਰਾਮੈਡੀਕਲ ਯੂਨੀਅਨ ਦੇ ਆਗੂ ਨਰਿੰਦਰ ਸ਼ਰਮਾ, ਰਾਮ ਪ੍ਰਸਾਦ ਤੇ ਕਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Advertisement
×