ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਮਿਲਣਾ ਸ਼ੁਰੂ
ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਅੱਜ ਸਰਕਾਰ ਵੱਲੋਂ ਮਾਝੇ ਦੇ ਅਜਨਾਲਾ ਹਲਕੇ ਤੋਂ ਸ਼ੁਰੂ ਕੀਤਾ ਗਿਆ। ਇਸ ਜ਼ਿਲ੍ਹੇ ਦੇ 631 ਲਾਭਪਾਤਰੀਆਂ ਨੂੰ ਪੰਜ ਕਰੋੜ 70 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ। ਇਥੇ ਭਲਾ ਪਿੰਡ ਨੇੜੇ ਸ਼ੂਗਰ ਮਿੱਲ ਵਿੱਚ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ 669 ਪ੍ਰਭਾਵਿਤ ਵਿਅਕਤੀਆਂ ਨੂੰ ਫ਼ਸਲਾਂ, ਮਕਾਨਾਂ ਤੇ ਪਸ਼ੂਆਂ ਦੇ ਨੁਕਸਾਨ ਲਈ ਕੁੱਲ ਛੇ ਕਰੋੜ ਸੱਤ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਤੇ ਬਾਕੀਆਂ ਨੂੰ ਵੀ ਜਲਦੀ ਉਨ੍ਹਾਂ ਦੇ ਬੈਂਕ ਖ਼ਾਤਿਆਂ ਵਿੱਚ ਮੁਆਵਜ਼ਾ ਮਿਲ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬਾਕੀ 19 ਜ਼ਿਲ੍ਹਿਆਂ ਦੇ 825 ਪਿੰਡ, ਜਿਨ੍ਹਾਂ ਵਿੱਚ ਗਿਰਦਾਵਰੀ ਮੁਕੰਮਲ ਹੋ ਚੁੱਕੀ ਹੈ, ਮੰਗਲਵਾਰ ਤੋਂ ਕੈਬਨਿਟ ਮੰਤਰੀ ਮੁਆਵਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ ਕਰਨਗੇ। ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ। 28 ਅਕਤੂਬਰ ਤੱਕ ਸਾਰੇ ਪ੍ਰਭਾਵਿਤ ਪਿੰਡਾਂ ’ਚ ਮੁਆਵਜ਼ੇ ਦੀ ਵੰਡ ਸ਼ੁਰੂ ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ 2,342 ਪਿੰਡਾਂ ਵਿੱਚ ਸਰਵੇਖਣ ਕੀਤਾ ਗਿਆ ਸੀ ਅਤੇ 355 ਪਿੰਡਾਂ ਤੋਂ ਪਸ਼ੂਆਂ ਦੇ ਨੁਕਸਾਨ ਦੀਆਂ ਰਿਪੋਰਟਾਂ ਆਈਆਂ ਸਨ। ਰਿਪੋਰਟਾਂ ਅਨੁਸਾਰ 1,766 ਪਸ਼ੂਆਂ ਦਾ ਨੁਕਸਾਨ ਹੋਇਆ, ਨਾਲ ਹੀ 2.2 ਲੱਖ ਮੁਰਗੀਆਂ ਮਾਰੀਆਂ ਗਈਆਂ ਅਤੇ ਇਸ ਨੁਕਸਾਨ ਲਈ ਮੁਆਵਜ਼ੇ ਵਜੋਂ ਕੁੱਲ 7 ਕਰੋੜ ਰੁਪਏ ਵੰਡੇ ਜਾਣਗੇ। ਹੁਣ ਤੱਕ ਨੁਕਸਾਨ ਦੇ ਕੀਤੇ ਗਏ ਮੁਲਾਂਕਣ ਮਗਰੋਂ ਸਾਹਮਣੇ ਆਇਆ ਕਿ ਲਗਪਗ 14 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਇਸ ਨੁਕਸਾਨ ਦੇ ਵੇਰਵੇ ਕੇਂਦਰ ਸਰਕਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਭੇਜੇ ਗਏ ਹਨ। ਅਜਨਾਲਾ ਹਲਕੇ ਵਿੱਚ ਲਗਪਗ ਪੰਜ ਕਰੋੜ 70 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ। ਇਸ ਵਿੱਚ 3 ਕਰੋੜ 84 ਲੱਖ ਰੁਪਏ ਘਰਾਂ ਦੇ ਨੁਕਸਾਨ ਲਈ, ਇੱਕ ਕਰੋੜ 16 ਲੱਖ ਰੁਪਏ ਫਸਲਾਂ ਦੇ ਨੁਕਸਾਨ ਲਈ ਅਤੇ ਲਗਪਗ 73 ਲੱਖ ਰੁਪਏ ਤੋਂ ਵਧੇਰੇ ਜਾਨਵਰਾਂ ਦੇ ਨੁਕਸਾਨ ਦਾ ਮੁਆਵਜ਼ਾ ਸ਼ਾਮਲ ਹੈ।
ਪੱਛੜ ਕੇ ਹੋ ਸਕਦੀਆਂ ਨੇ ਪ੍ਰੀਖਿਆਵਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹਾਂ ਕਾਰਨ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਇਸ ਕਾਰਨ ਇਨ੍ਹਾਂ ਦੀਆਂ ਪ੍ਰੀਖਿਆਵਾਂ ਕੁਝ ਪਛੜ ਕੇ ਵੀ ਹੋ ਸਕਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਦਾ ਮੌਕਾ ਮਿਲੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਮੌਜੂਦ ਸਨ।