ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਮਈ
ਲੋਕ ਸਭਾ ਚੋਣਾਂ ਕਰਕੇ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਪੰਜਾਬ ਗ੍ਰਾਮੀਣ ਬੈਂਕ ਦੇ ਪ੍ਰਬੰਧਨ ਨੇ ਸੂਬੇ ਵਿੱਚ ਸੈਂਕੜੇ ਤਬਾਦਲੇ ਕਰ ਦਿੱਤੇ ਹਨ। ਇਸ ਖ਼ਿਲਾਫ਼ ਅੱਜ ਪੰਜਾਬ ਗ੍ਰਾਮੀਣ ਬੈਂਕ ਅਫ਼ਸਰ ਫੈਡਰੇਸ਼ਨ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਗ੍ਰਾਮੀਣ ਬੈਂਕ ਦੇ ਪ੍ਰਬੰਧਕਾਂ ਵੱਲੋਂ ਕੀਤੇ ਤਬਾਦਲਿਆਂ ਕਰਕੇ ਅਧਿਕਾਰੀਆਂ ਵਿੱਚ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ ਹੈ। ਇਨ੍ਹਾਂ ਤਬਾਦਲਿਆਂ ਕਰਕੇ ਅਧਿਕਾਰੀਆਂ ਨੂੰ ਚੋਣ ਡਿਊਟੀ ਦੌਰਾਨ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕਨਵੀਨਰ ਰੋਮਿਲ ਅਨੇਜਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਬੈਂਕ ਅਧਿਕਾਰੀਆਂ ਦੀ ਡਿਊਟੀ ਪੁਰਾਣੀ ਤਾਇਨਾਤੀ ਦੇ ਹਿਸਾਬ ਨਾਲ ਲਗਾਈ ਜਾਵੇਗੀ ਜਦਕਿ ਅਧਿਕਾਰੀਆਂ ਦੇ ਤਬਾਦਲੇ ਬਹੁਤ ਦੂਰ ਕਰ ਦਿੱਤੇ ਗਏ ਹਨ।