ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 21 ਜੂਨ
ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਬੀਬੀ ਸ਼ੀਲਾ ਰਾਣੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਤੋਂ ਚਲ ਕੇ ਪ੍ਰਦਰਸ਼ਨ ਕਰਦਿਆਂ ਕਾਂਗਰਸ ਦੇ ਸੰਸਦ ਮੈਬਰ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਖਿਲਾਫ ਡੀਐਸਪੀ ਨਰਿੰਦਰ ਸਿੰਘ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਸੰਸਦ ਮੈਂਬਰ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਇਨ੍ਹਾਂ ਦੀ ਰੂੜੀਵਾਦੀ ਅਤੇ ਜਾਤ ਪਾਤ ਨੂੰ ਬੜ੍ਹਾਵਾ ਵਾਲੀ ਸੋਚ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋੜਵੰਦ ਲੋਕਾਂ ਨੂੰ ਸਹੂਲਤਾਂ ਦੇ ਕੇ ਸਮਾਜ ਵਿੱਚ ਉੱਚਾ ਚੁੱਕਣ ਲਈ ਪਹਿਲਕਦਮੀ ਕੀਤੀ ਹੈ। ਬੀਬੀ ਸ਼ੀਲਾ ਰਾਣੀ ਜ਼ਿਲ੍ਹਾ ਇੰਚਾਰਜ ਬਸਪਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਜਾਤਪਾਤ ਅਤੇ ਧਰਮ ਦੇ ਨਾਮ ਤੇ ਰਾਜਨੀਤੀ ਕਰ ਕੇ ਲੋਕਾਂ ਨੂੰ ਵੰਡ ਕੇ ਵੋਟਾਂ ਹਾਸਲ ਕੀਤੀਆਂ ਹਨ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮਿਤ ਕੁਮਾਰ ਸ਼ਿੰਪੀ ਬਾਂਸਲ, ਸ੍ਰੀ ਚੰਦ, ਬਲਾਕ ਪ੍ਰਧਾਨ ਹਰਨੇਕ ਸਿੰਘ ਅਤੇ ਕੌਂਸਲਰ ਰਮੇਸ਼ ਫੌਜੀ ਆਦਿ ਹਾਜ਼ਰ ਸਨ।