ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਕਤੂਬਰ
ਆਮ ਆਮਦੀ ਪਾਰਟੀ (ਆਪ) ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਸਤਿੰਦਰ ਜੈਨ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨ ਤੋਂ ਖਫ਼ਾ ਇਕ ਵਿਅਕਤੀ ਨੇ ਐੱਸਐੱਸਪੀ ਚੰਡੀਗੜ੍ਹ ਨੂੰ ਸ਼ਿਕਾਇਤ ਕੀਤੀ ਹੈ। ਇਹ ਸ਼ਿਕਾਇਤ ਚੰਡੀਗੜ੍ਹ ਦੇ ਪਿੰਡ ਖੁੱਡਾ ਅਲੀਸ਼ੇਰ ਦੇ ਵਸਨੀਕ ਸੁਰਿੰਦਰ ਸਿੰਘ ਨੇ ਕੀਤੀ ਹੈ। ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦਾ ਹੈ। ਇਨ੍ਹਾਂ ਲਈ ਉਸ ਦੇ ਮਨ ਵਿੱਚ ਬਹੁਤ ਮਾਣ ਸਤਿਕਾਰ ਹੈ। ਉਸ ਨੇ ਕਿਹਾ ਕਿ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਦੀ ਤੁਲਨਾ ਸ਼ਹੀਦਾਂ ਨਾਲ ਕਰ ਕੇ ਉਸ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।