ਪੱਤਰ ਪ੍ਰੇਰਕ
ਨਵਾਂਸ਼ਹਿਰ, 20 ਜੁਲਾਈ
ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿਣ ’ਤੇ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਅਤੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਕਰਨਾਣਾ ਦੀ ਅਗਵਾਈ ਹੇਠ ਨੌਜਵਾਨਾਂ ਦੇ ਇੱਕ ਵਫ਼ਦ ਨੇ ਸਾਂਝੇ ਤੌਰ ’ਤੇ ਐੱਸਐੱਸਪੀ ਨਵਾਂਸ਼ਹਿਰ ਨੂੰ ਸਿਮਰਨਜੀਤ ਸਿੰਘ ਮਾਨ ਖ਼ਿਲਾਫ ਲਿਖ਼ਤੀ ਦਰਖ਼ਾਸਤ ਦਿੱਤੀ ਹੈ। ਵਫ਼ਦ ਨੇ ਐੱਸਐੱਸਪੀ ਨਵਾਂਸ਼ਹਿਰ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਸਿਮਰਨਜੀਤ ਮਾਨ ਵੱਲੋਂ ਵਾਰ-ਵਾਰ ਉਨ੍ਹਾਂ ਦੇ ਆਦਰਸ਼ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ, ਅੰਗਰੇਜ਼ ਪੁਲੀਸ ਮੁਲਾਜ਼ਮਾਂ ਦਾ ਹਤਿਆਰਾ ਤੇ ਸਾਂਡਰਸ ਦਾ ਕਾਤਲ ਕਹਿ ਕੇ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਮਾਨ ਨੇ ਹਾਲੇ ਤੱਕ ਆਪਣਾ ਬਿਆਨ ਵਾਪਸ ਨਹੀਂ ਲਿਆ ਹੈ ਤੇ ਨਾ ਹੀ ਮੁਆਫ਼ੀ ਮੰਗੀ ਹੈ। ਵਫ਼ਦ ਨੇ ਸੰਸਦ ਮੈਂਬਰ ਮਾਨ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ।