ਬੀ.ਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 19 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ਼ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।
ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਏ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪੁੱਜਣ ’ਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਨੇੜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੰਗਤ ਸਮੇਤ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਗਰ ਕੀਰਤਨ 20 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਸੀ, ਜੋ ਅੱਜ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਪੁੱਜ ਕੇ ਸੰਪੂਰਨ ਹੋਇਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਦਾ 400 ਸਾਲਾ ਪ੍ਰਕਾਸ਼ ਪੁਰਬ ਸਾਡੇ ਜੀਵਨ ਵਿੱਚ ਆਉਣਾ ਸਾਡੀ ਖ਼ੁਸ਼ਕਿਸਮਤੀ ਹੈ। ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿੱਚ ਨਗਰ ਕੀਰਤਨ ਦੇ ਸਵਾਗਤ ਮਗਰੋਂ ਬੀਬੀ ਜਗੀਰ ਕੌਰ ਨੇ ਨਗਰ ਕੀਰਤਨ ’ਚ ਹਾਜ਼ਰੀ ਭਰੀ। ਉਹ ਗੁਰਦੁਆਰਾ ਸੀਸ ਗੰਜ ਸਾਹਿਬ ਤਕ ਸੰਗਤ ਨਾਲ ਸ਼ਬਦ ਪੜ੍ਹਦੇ ਹੋਏ ਪਹੁੰਚੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ, ਬੀਬੀ ਰਣਜੀਤ ਕੌਰ, ਪ੍ਰਿੰਸੀਪਲ ਸੁਰਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੇ ਸ੍ਰੀ ਆਨੰਦਪੁਰ ਸਾਹਿਬ ਪੁੱਜਣ ’ਤੇ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਏ। ਸੰਪਰਦਾ ਬਾਬਾ ਬਿਧੀ ਚੰਦ ਵੱਲੋਂ ਨਗਰ ਕੀਰਤਨ ਅੱਗੇ ਹਾਥੀ ਉੱਤੇ ਨਗਾਰਚੀ ਸਿੰਘ ਨਗਾਰਾ ਵਜਾ ਰਿਹਾ ਸੀ।
ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤਕ ਸਜਾਇਆ ਨਗਰ ਕੀਰਤਨ
ਡੇਰਾ ਬਾਬਾ ਨਾਨਕ (ਡਾ. ਰਜਿੰਦਰ ਸਿੰਘ/ ਦਲਬੀਰ ਸਿੰਘ ਸੱਖੋਵਾਲੀਆ): ਡੇਰਾ ਬਾਬਾ ਨਾਨਕ ਦੀ ਕਰਤਾਰਪੁਰ ਲਾਂਘੇ ਦੀ ਸਰਹੱਦ ’ਤੇ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜੋ ਜ਼ੀਰੋ ਲਾਈਨ ਤਕ ਪੁਹੰਚਿਆ। ਬੀਐੱਸਐੱਫ ਦੇ ਜਵਾਨਾਂ ਤੇ ਅਧਿਕਾਰੀਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੀਰਤਨ ਵਿੱਚ ਉਹ ਭਾਰਤੀ ਸੰਗਤ ਵੀ ਸ਼ਾਮਲ ਸੀ, ਜੋ ਪਿਛਲੇ ਦਿਨੀਂ ਵਿਸਾਖੀ ਮਨਾਉਣ ਲਈ ਪਾਕਿਸਤਾਨ ਗਈ ਸੀ। ਨਗਰ ਕੀਰਤਨ ਦੇ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਪੁੱਜਣ ’ਤੇ ਸੰਗਤ ਨੇ ਧੁੱਸੀ ਬੰਨ੍ਹ ’ਤੇ ਖੜ੍ਹੇ ਹੋ ਕੇ ਦਰਸ਼ਨ-ਦੀਦਾਰ ਕੀਤੇ। ਨਗਰ ਕੀਰਤਨ ਦੀ ਅਗਵਾਈ ਭਾਰਤ ਤੋਂ ਪੁੱਜੇ ਪੰਜ ਪਿਆਰੇ ਕਰ ਰਹੇ ਸਨ। ਇਸ ਮੌਕੇ ਪਾਕਿਸਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਮੈਂਬਰ ਇੰਦਰਜੀਤ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ ਸਮੇਤ ਪਾਕਿਸਤਾਨ ਦੀ ਸਿੱਖ ਸੰਗਤ ਹਾਜ਼ਰ ਸੀ। ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਅਤੇ ਕਰਤਾਰਪੁਰ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਆਗੂ ਗੁਰਿੰਦਰ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਬਾਬਾ ਸੁਖਦੀਪ ਸਿੰਘ ਬੇਦੀ ਵੀ ਪੁੱਜੇ।