ਪੱਤਰ ਪ੍ਰੇਰਕ
ਅੰਮ੍ਰਿਤਸਰ, 8 ਅਪਰੈਲ
ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਸਾਲ ਆਰੰਭ ਕੀਤੇ ਗਏ ਸਮਾਗਮਾਂ ਦੀ ਸੰਪੂਰਨਤਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ 21 ਅਪਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਸਬੰਧੀ ਪਹਿਲੀ ਮਈ 2021 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਸ਼ੁਰੂ ਕਰਵਾਏ ਗਏ ਸਨ ਅਤੇ ਪੂਰਾ ਸਾਲ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਸੀ, ਜਿਸ ਦੀ ਸੰਪੂਰਨਤਾ 21 ਅਪਰੈਲ ਨੂੰ ਹੋਵੇਗੀ। ਧਾਮੀ ਨੇ ਦੱਸਿਆ ਕਿ ਇਸ ਸਬੰਧੀ 19 ਅਪਰੈਲ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਆਰੰਭ ਹੋਣਗੇ, ਜਿਸ ਦੇ ਭੋਗ 21 ਅਪਰੈਲ ਨੂੰ ਪਾਏ ਜਾਣਗੇ। 20 ਅਪਰੈਲ ਨੂੰ ਸੋਦਰਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਸਿੰਘ ਸਾਹਿਬਾਨ ਹਾਜ਼ਰੀ ਭਰਨਗੇ। 21 ਅਪਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਸ਼ਸਤਰਾਂ ਵਾਲੀ ਵਿਸ਼ੇਸ਼ ਬੱਸ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। 21 ਨੂੰ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਵੇਗੀ ਅਤੇ ਸੋਦਰਿ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਹੋਵੇਗੀ।