ਸੁਖਬੀਰ ਬਾਦਲ ’ਤੇ ਹਮਲੇ ਦੀ ਨਿਖੇਧੀ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਦਸੰਬਰ
ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਜਾਨਲੇਵਾ ਹਮਲੇ ਦੀ ਵੱਖ-ਵੱਖ ਆਗੂਆਂ ਨੇ ਨਿਖੇਧੀ ਕੀਤੀ ਹੈ। ਇੱਥੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਵਿੱਤਰ ਅਸਥਾਨ ਉੱਤੇ ਸੇਵਾ ਨਿਭਾ ਰਹੇ ਵਿਅਕਤੀ ਉੱਪਰ ਅਚਾਨਕ ਹੋਏ ਇਸ ਹਮਲੇ ਨਾਲ ਸਿੱਖਾਂ ਦੀ ਧਾਰਮਿਕ ਭਵਨਾ ਨੂੰ ਸੱਟ ਵੱਜੀ ਹੈ। ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹ ਹਮਲਾ ਸ੍ਰੀ ਬਾਦਲ ਉੱਤੇ ਨਹੀਂ ਹੋਇਆ ਬਲਕਿ ਅਕਾਲ ਤਖ਼ਤ ਦੇ ਹੁਕਮਾਂ ’ਤੇ ਨਿਮਾਣੇ ਸਿੱਖ ਵਜੋਂ ਸੇਵਾ ਨਿਭਾ ਰਹੇ ਸੇਵਾਦਾਰ ’ਤੇ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਅਕਾਲੀ ਦਲ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਦੀ ਡਾਵਾਂਡੋਲ ਹੋ ਚੁੱਕੀ ਕਾਨੂੰਨ ਵਿਵਸਥਾ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਅਸਲ ਕਾਰਨਾਂ ਦਾ ਪਤਾ ਕਰਨ ਲਈ ਨਿਆਂਇਕ ਜਾਂਚ ਕਰਵਾਈ ਜਾਵੇ।
ਪੰਚਕੂਲਾ (ਪੱਤਰ ਪ੍ਰੇਰਕ):
ਹਰਿਆਣਾ ਸਿੱਖ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਮੰਦਭਾਗਾ ਕਿਹਾ ਹੈ। ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੇ ਬਲਦੇਵ ਸਿੰਘ ਕਾਇਮਪੁਰ ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵਿਚ ਰੋਸ ਦੀ ਲਹਿਰ ਫੈਲ ਚੁੱਕੀ ਹੈ। ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ, ਤੇਜਿੰਦਰਪਾਲ ਸਿੰਘ ਲਾਡਵਾ ਮੈਂਬਰ ਧਰਮ ਪ੍ਰਚਾਰ, ਜਗਸੀਰ ਸਿੰਘ ਮਾਂਗੇਆਣਾ, ਅਮਰੀਕ ਸਿੰਘ ਜਨੇਤਪੁਰ ਨੇ ਹਮਲਾਵਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਬਨੂੜ (ਪੱਤਰ ਪ੍ਰੇਰਕ):
ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੀ ਕੋਸ਼ਿਸ਼ ਦੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਨਿੰਦਾ ਕੀਤੀ ਹੈ। ਅਕਾਲੀ ਦਲ ਦੇ ਆਗੂਆਂ ਸਾਧੂ ਸਿੰਘ ਖਲੌਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਸਵਿੰਦਰ ਸਿੰਘ ਜੱਸੀ, ਹਰਬੰਸ ਲਾਲ, ਕਾਂਗਰਸੀ ਆਗੂਆਂ ਜਗਤਾਰ ਸਿੰਘ ਕੰਬੋਜ, ਕੁਲਵਿੰਦਰ ਸਿੰਘ ਭੋਲਾ, ਨੰਬਰਦਾਰ ਪ੍ਰੇਮ ਕੁਮਾਰ ਮਾਣਕਪੁਰ, ਬਸਪਾ ਆਗੂ ਜਗਜੀਤ ਸਿੰਘ ਛੜਬੜ੍ਹ, ਭਾਜਪਾ ਆਗੂ ਪ੍ਰੇਮ ਚੰਦ ਥੱਮਣ, ਰਿੰਕੂ ਸਲੇਮਪੁਰ, ‘ਆਪ’ ਦੇ ਬੁਲਾਰੇ ਐਡਵੋਕੇਟ ਬਿਕਰਮਜੀਤ ਪਾਸੀ ਆਦਿ ਨੇ ਆਖਿਆ ਕਿ ਸ੍ਰੀ ਬਾਦਲ ’ਤੇ ਕੀਤਾ ਹਮਲਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ):
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਣੇ ਸਮੁੱਚਾ ਬਾਦਲ ਪਰਿਵਾਰ ਪੰਜਾਬ ਲਈ ਸਰਮਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹਾਲਾਤ ਚਿੰਤਾਜਨਕ ਹਨ।