ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜਨਵਰੀ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਵਿੱਚ ਸੜਕੀ ਮਾਰਗ ਰਾਹੀਂ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਰੱਦ ਹੋਣ ਸਬੰਧੀ ਕਿਸਾਨਾਂ ਨੂੰ ਬਦਨਾਮ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਕਾਫਲੇ ਦੇ ਰੁਕਣ ਮੌਕੇ ਭਾਜਪਾ ਆਗੂ ਸ਼ਿਵਮ ਸ਼ਰਮਾ ਨੇ ਸਾਥੀਆਂ ਸਣੇ ਭਾਜਪਾ ਦਾ ਝੰਡਾ ਲੈ ਕੇ ਪ੍ਰਧਾਨ ਮੰਤਰੀ ਜ਼ਿੰਦਾਬਾਦ ਦੇ ਨਾਅਰੇ ਲਾਏ ਸਨ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸ਼ਿਵਮ ਦੀਆਂ ਭਾਜਪਾ ਦੇ ਵੱਡੇ ਆਗੂਆਂ ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਅਨੁਰਾਗ ਠਾਕੁਰ ਨਾਲ ਫੋਟੋਆਂ ਵੀ ਵਾਇਰਲ ਹੋਈਆਂ ਹਨ। ਜਥੇਬੰਦੀ ਨੇ ਘਟਨਾ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੂੰ ਪੰਜਾਬੀ ਭਾਈਚਾਰੇ ਕੋਲੋਂ ਮੁਆਫੀ ਮੰਗਣ ਲਈ ਕਿਹਾ।