ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਦੀ ਭਰਤੀ ਲਈ ਲਏ ਗਏ ਲਿਖਤੀ ਇਮਤਿਹਾਨ ਵਿੱਚ ਪ੍ਰਸ਼ਨ ਪੱਤਰ ਸਿਰਫ਼ ਅੰਗਰੇਜ਼ੀ ਭਾਸ਼ਾ ਵਿੱਚ ਤਿਆਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਮੀਤ ਪ੍ਰਧਾਨ ਕੁਲਦੀਪ ਸਿੰਘ ਬੇਦੀ ਤੇ ਹੋਰਨਾਂ ਨੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਤੇ ਪੰਜਾਬ ਰਾਜ ਭਾਸ਼ਾ ਐਕਟ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਕੱਤਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਤਾੜਨਾ ਕੀਤੀ ਗਈ ਹੈ ਕਿ ਸਰਕਾਰੀ ਨੌਕਰੀ ਲਈ ਲਏ ਜਾਣ ਵਾਲੇ ਟੈਸਟ ਪੰਜਾਬੀ ਅਤੇ ਅੰਗਰੇਜ਼ੀ ਦੋਵੇਂ ਭਾਸ਼ਾਵਾਂ ਵਿੱਚ ਤਿਆਰ ਕੀਤੇ ਜਾਣ, ਅਜਿਹਾ ਨਾ ਕਰਨਾ ਪੰਜਾਬ ਰਾਜ ਭਾਸ਼ਾ ਐਕਟ ਦੀ ਉਲੰਘਣਾ ਮੰਨਿਆ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਅਤੇ ਸਿੱਖਿਆ ਤੇ ਭਾਸ਼ਾ ਮਹਿਕਮੇ ਦੇ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪੰਜਾਬੀ ਭਾਸ਼ਾ ਦੀ ਹੋ ਰਹੀ ਇਸ ਉਲੰਘਣਾ ਨੂੰ ਤੁਰੰਤ ਰੋਕਿਆ ਜਾਵੇ ਤੇ ਪ੍ਰੀਖਿਆ ਪੇਪਰ ਪੰਜਾਬੀ ਭਾਸ਼ਾ ਵਿੱਚ ਹੋਣੇ ਲਾਜ਼ਮੀ ਬਣਾਇਆ ਜਾਵੇ।