ਹੁਸ਼ਿਆਰਪੁਰ: ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪਾਕਿਸਤਾਨ ਵਿੱਚ ਭਗਵਾਨ ਰਾਮ ਦੀਆਂ ਮੂਰਤੀਆਂ ਹਟਾ ਕੇ ਸੈਰ-ਸਪਾਟੇ ਵਾਲੇ ਸਥਾਨ ਦਾ ਬੋਰਡ ਲਗਾਉਣ ਦੀ ਨਿਖੇਧੀ ਕੀਤੀ ਹੈ। ਸ੍ਰੀ ਖੰਨਾ ਨੇ ਕਿਹਾ ਕਿ ਇਹ ਘਟਨਾ ਪਾਕਿਸਤਾਨ ਦੇ ਸੈਦਪੁਰ ਦੀ ਹੈ, ਜਿੱਥੇ ਪਾਕਿ ਸਰਕਾਰ ਵੱਲੋਂ ਭਗਵਾਨ ਰਾਮ ਦੀਆਂ ਮੂਰਤੀਆਂ ਨੂੰ ਹਟਾ ਕੇ ਸੈਰ-ਸਪਾਟੇ ਦੇ ਸਥਾਨ ਦਾ ਬੋਰਡ ਲਗਾ ਦਿੱਤਾ ਗਿਆ ਅਤੇ ਲੋਕਾਂ ਨੂੰ ਉੱਥੇ ਪੂਜਾ ਅਰਚਨਾ ਕਰਨ ਤੋਂ ਵੀ ਰੋਕ ਦਿੱਤਾ ਗਿਆ। ਉਨ੍ਹਾਂ ਇਸ ਸਬੰਧੀ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਰਾਹੀਂ ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਇਹ ਵੀ ਮੰਗ ਕੀਤੀ ਹੈ ਕਿ ਪਾਕਿ ਵਿੱਚ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਦੇ ਨਾਲ-ਨਾਲ ਉਨ੍ਹਾਂ ਦੀ ਆਪਣੀ ਤੇ ਸੰਪਤੀਆਂ ਦੀ ਸੁਰੱਖਿਆ ਸਬੰਧੀ ਵੀ ਪਾਕਿ ਸਰਕਾਰ ਨਾਲ ਸਖ਼ਤੀ ਨਾਲ ਗੱਲ ਕੀਤੀ ਜਾਵੇ। -ਪੱਤਰ ਪ੍ਰੇਰਕ