ਹਰਪ੍ਰੀਤ ਕੌਰ
ਹੁਸ਼ਿਆਰਪੁਰ, 30 ਮਈ
ਇਥੇ ਮਿਨੀ ਸਕੱਤਰੇਤ ਦੇ ਨਜ਼ਦੀਕ ਜੀਓ ਰਿਲਾਇੰਸ ਦਫ਼ਤਰ ਬਾਹਰ ਕਿਸਾਨਾਂ ਦੇ ਚੱਲ ਰਹੇ ਧਰਨੇ ਨੂੰ 200 ਦਿਨ ਹੋ ਚੁੱਕੇ ਹਨ। ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਨੂੰ ਧਰਨਿਆਂ ’ਤੇ ਬੈਠਿਆਂ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਪਰ ਭਾਜਪਾ ਦੀ ਮੋਦੀ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਚੁੱਪੀ ਧਾਰੀ ਬੈਠੀ ਹੈ। ਦੂਜੇ ਪਾਸੇ ਕਿਸਾਨ ਵੀ ਆਪਣੇ ਹੱਕਾਂ ਨੂੰ ਲੈ ਕੇ ਲੰਬੀ ਲੜਾਈ ਲੜਨ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਖੇਤੀ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਕਾਨੂੰਨ ਨਹੀਂ ਬਣਦਾ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ 5 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਿਕ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਬਾਹਰ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਧਰਨੇ ਨੂੰ ਗੁਰਮੇਸ਼ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਮਾਸਟਰ ਦਵਿੰਦਰ ਸਿੰਘ, ਗੁਰਮੀਤ ਸਿੰਘ, ਕੁਲਤਾਰ ਸਿੰਘ ਆਦਿ ਨੇ ਸੰਬੋਧਨ ਕੀਤਾ।
ਗੁਰਦਾਸਪੁਰ (ਜਤਿੰਦਰ ਬੈਂਸ): ਕੇਂਦਰ ਦੀ ਮੋਦੀ ਸਰਕਾਰ ਦੇ ਸੱਤ ਵਰ੍ਹੇ ਪੂਰੇ ਹੋਣ ’ਤੇ ਪੰਜਾਬ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੇ ਸੂਬਾ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਸੱਤਾਂ ਵਰ੍ਹਿਆਂ ਵਿੱਚ ਆਪਣੀਆਂ ਨੀਤੀਆਂ ਨਾਲ ਦੇਸ਼ ਨੂੰ 70 ਵਰ੍ਹੇ ਪਿੱਛੇ ਧੱਕ ਦਿੱਤਾ ਹੈ।
ਇਸ ਮੌਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਨੂੰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ ਗਿਆ। ਉਧਰ ਰੇਲਵੇ ਸਟੇਸ਼ਨ ਉੱਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੌਰਾਨ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ 159ਵਾਂ ਜਥਾ ਭੁੱਖ ਹੜਤਾਲ ਉੱਤੇ ਬੈਠਾ। ਆਗੂਆਂ ਨੇ ਕਿਲਾ ਰਾਏਪੁਰ ਤੋਂ ਕਿਸਾਨਾਂ ਦੇ ਚੱਲ ਰਹੇ ਧਰਨੇ ਨੂੰ ਉਠਾਉਣ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ।