ਪੱਤਰ ਪ੍ਰੇਰਕ
ਸ਼ੇਰਪੁਰ, 30 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਚੱਲਦੇ ਸੈਸ਼ਨ ਵਿੱਚ ਕਿਸੇ ਵੀ ਕਿਸਮ ਦੀ ਫੀਸ ਵਧਾਏ ਜਾਣ ’ਤੇ ਤੁਰੰਤ ਰੋਕ ਲਗਾਏ ਜਾਣ ਤੋਂ ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨਜ਼ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਇਤਰਾਜ਼ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਸਮੇਂ ਉੱਚ ਅਦਾਲਤ ਨੇ ਵਿਦਿਆਰਥੀਆਂ ਦੀਆਂ ਫੀਸਾਂ ਵਿਚ ਵਾਧੇ ’ਤੇ ਰੋਕ ਲਾ ਦਿੱਤੀ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਫੀਸ ਵਾਧੇ ਬਾਰੇ ਪ੍ਰਾਈਵੇਟ ਸੰਸਥਾਵਾਂ ਦਾ ਪੱਖ ਵੀ ਸੁਣਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪ੍ਰਾਈਵੇਟ ਸਕੂਲ ਸੰਸਥਾਵਾਂ ਦੇ ਬਿਜਲੀ ਬਿੱਲ ਨੂੰ ਸਰਕਾਰੀ ਸਕੂਲਾਂ ਦੀ ਤਰਜ਼ ’ਤੇ ਘਰੇਲੂ ਦਰਾਂ ’ਤੇ ਵਸੂਲਿਆ ਜਾਵੇੇ। ਜਗਜੀਤ ਸਿੰਘ ਨੇ ਦੱਸਿਆ ਕਿ ਅਗਲੀ ਵਿਉਂਤਬੰਦੀ ਲਈ ਉਨ੍ਹਾਂ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ।