ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 20 ਸਤੰਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਕੋਅਪਰੇਟਿਵ ਸੁਸਾਇਟੀ ਪਿੰਡ ਨਬੀਪੁਰ ਵਿੱਚ ਕੈਂਪ ਲਗਾਇਆ ਗਿਆ। ਫਤਹਿਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਪ੍ਰਭੂ ਨਾਥ ਖੇਤੀਬਾੜੀ ਵਿਸਥਾਰ ਅਫ਼ਸਰ ਸਰਹਿੰਦ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਤਕਨੀਕੀ ਜਾਣਕਾਰੀ ਦਿੱਤੀ ਹੈ। ਇਸ ਮੌਕੇ ਬਲਦੇਵ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਦੱਸਿਆ ਕਿ ਪਰਾਲੀ ਨੂੰ ਜ਼ਮੀਨ ਵਿੱਚ ਰਲਾਉਣ ਨਾਲ ਜ਼ਮੀਨ ਦੇ ਲਘੂ ਤੱਤ ਬਰਕਰਾਰ, ਉਪਜਾਊ ਸ਼ਕਤੀ ਵਿੱਚ ਵਾਧਾ, ਜ਼ਮੀਨ ਵਿੱਚ ਆਰਗੈਨਿਕ ਮਾਦੇ ਦੀ ਮਾਤਰਾ ਵਿੱਚ ਵਾਧਾ, ਜ਼ਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ।
ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਗਿਣਵਾਏ
ਬਨੂੜ (ਪੱਤਰ ਪ੍ਰੇਰਕ): ਇਥੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨਾ ਸਾੜਨ ਲਈ ਜਾਗਰੂਕ ਕਰਨ ਸਬੰਧੀ ਖੇਤੀਬਾੜੀ ਅਤੇ ਭੂਮੀ ਸੰਭਾਲ ਵਿਭਾਗਾਂ ਵੱਲੋਂ ਸਾਂਝੇ ਤੌਰ ਉੱਤੇ ਪਿੰਡ ਖਾਨਪੁਰ ਬੰਗਰ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ। ਜ਼ਿਲ੍ਹਾ ਮੁਹਾਲੀ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਗਿਣਵਾਏ।