ਚਰਨਜੀਤ ਭੁੱਲਰ
ਚੰਡੀਗੜ੍ਹ, 23 ਮਈ
ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡਣ ਲਈ ਕਾਬਜ਼ਕਾਰਾਂ ਨੂੰ ਹੁਣ 30 ਜੂਨ ਤੱਕ ਦੀ ਮੋਹਲਤ ਦੇ ਦਿੱਤੀ ਹੈ ਜਦੋਂ ਕਿ ਮੁੱਖ ਮੰਤਰੀ ਨੇ ਪਹਿਲਾਂ 31 ਮਈ ਤੱਕ ਦਾ ਸਮਾਂ ਦਿੱਤਾ ਸੀ| ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ‘ਜ਼ਮੀਨ ਬਚਾਓ’ ਮੁਹਿੰਮ ਤਹਿਤ ਨਾਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਹੋਈ ਹੈ ਜਿਸ ਨੂੰ ਲੈ ਕੇ ਕਿਸਾਨ ਧਿਰਾਂ ਨੇ ਆਪਣੇ ਇਤਰਾਜ਼ ਉਠਾਏ ਸਨ। ਅੱਜ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਪੰਜਾਬ ਭਵਨ ਵਿਚ 23 ਕਿਸਾਨ ਧਿਰਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ| ਕਿਸਾਨ ਆਗੂਆਂ ਤੋਂ ਮਿਲੇ ਮਸ਼ਵਰੇ ਮਗਰੋਂ ਕੈਬਨਿਟ ਮੰਤਰੀ ਨੇ ਰਾਹਤ ਵਾਲੇ ਕਦਮ ਉਠਾਉਣ ਦਾ ਭਰੋਸਾ ਦਿੱਤਾ| ਪੰਚਾਇਤ ਮੰਤਰੀ ਧਾਲੀਵਾਲ ਨੇ ਮੀਟਿੰਗ ਮਗਰੋਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਗ਼ਰੀਬ ਅਤੇ ਛੋਟੇ ਕਿਸਾਨਾਂ ਦੇ ਹਿੱਤ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਰੱਖੇ ਜਾਣਗੇ ਉੱਥੇ ਕਿਸੇ ਵੀ ਗ਼ਰੀਬ ਨੂੰ ਉਜਾੜਿਆ ਨਹੀਂ ਜਾਵੇਗਾ। ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਹਟਾਉਣ ਤੋਂ 15 ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇਗਾ| ਜੇ ਕੋਈ ਨਾਜਾਇਜ਼ ਕਾਬਜ਼ਕਾਰ ਆਪਣੇ ਪੱਖ ਵਿਚ ਕੋਈ ਦਸਤਾਵੇਜ਼ ਪੇਸ਼ ਕਰਨਾ ਚਾਹੁੰਦਾ ਹੈ ਉਹ ਜ਼ਿਲ੍ਹਾ ਪੰਚਾਇਤ ਅਫ਼ਸਰ ਨੂੰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡਣ ਬਾਰੇ ਕੀਤੀ ਅਪੀਲ ਦਾ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ-ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ। ਉਨ੍ਹਾਂ ਕਿਹਾ ਕਿ 30 ਜੂਨ ਮਗਰੋਂ ਹੀ ‘ਪਰਚੇ ਤੇ ਖ਼ਰਚੇ’ ਵਾਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ| ਖੇਤੀਯੋਗ ਜ਼ਮੀਨ ਤੋਂ ਜਿਹੜੇ ਕਬਜ਼ੇ ਹਟਾਏ ਜਾ ਰਹੇ ਹਨ, ਉਸ ਜ਼ਮੀਨ ਨੂੰ ਲੀਜ਼ ’ਤੇ ਦੇਣ ਦੀ ਪਹਿਲ ਕਬਜ਼ਾ ਛੱਡਣ ਵਾਲਿਆਂ ਨੂੰ ਹੀ ਦਿੱਤੀ ਜਾਵੇਗੀ। ਪੰਚਾਇਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ 8000 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਗ਼ਜ਼ੀ ਕਾਰਵਾਈ ਪੂਰੀ ਕੀਤੀ ਜਾ ਚੁੱਕੀ ਹੈ। ਇਹ ਉਹ ਜ਼ਮੀਨਾਂ ਹਨ ਜਿਨ੍ਹਾਂ ਦੇ ਕੇਸ ਨਾਜਾਇਜ਼ ਕਾਬਜ਼ਕਾਰ ਅਦਾਲਤਾਂ ਵਿੱਚੋਂ ਹਾਰ ਚੁੱਕੇ ਹਨ। ਹੁਣ ਤੱਕ 2600 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜ਼ਮੀਨਾਂ ਨੂੰ ਆਬਾਦ ਕਰਨ ਵਾਲੇ ਕਿਸਾਨਾਂ ਦੀ ਪਛਾਣ ਕਰਨ ਲਈ ਸਰਕਾਰੀ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸਾਂਝੀ 9 ਮੈਂਬਰੀ ਕਮੇਟੀ ਬਣਾਈ ਜਾਵੇਗੀ। ਜੇ ਲੋੜ ਪਈ ਤਾਂ ਪੰਜਾਬ ਵਿਧਾਨ ਸਭਾ ਵਿਚ ਇਸ ਮਾਮਲੇ ਨੂੰ ਲਿਜਾ ਕੇ ਰਾਹਤ ਦਿਵਾਈ ਜਾਵੇਗੀ| ਇਸ ਮੌਕੇ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ ਸੀਮਾ ਜੈਨ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ 23 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਰਸੂਖਵਾਨਾਂ ਖ਼ਿਲਾਫ਼ ਮੁਹਿੰਮ 10 ਜੂਨ ਤੋਂ
ਪੰਚਾਇਤ ਮੰਤਰੀ ਨੇ ਦੱਸਿਆ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ। ਇਸ ਨੂੰ ਲੈ ਕੇ ਰਸਮੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ| ਉਨ੍ਹਾਂ ਦੱਸਿਆ ਕਿ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਦੇ ਨਾਲ ਲਗਦੇ ਪਿੰਡਾਂ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਚਲਾਈ ਜਾਵੇਗੀ। ਸੂਤਰ ਦੱਸਦੇ ਹਨ ਕਿ ‘ਆਪ’ ਸਰਕਾਰ 10 ਜੂਨ ਤੋਂ ਮਗਰੋਂ ਰਸੂਖਵਾਨ ਲੋਕਾਂ ਨੂੰ ਹੱਥ ਪਾਵੇਗੀ |
ਸੈਸ਼ਨ ਲਈ ਰਜ਼ਾਮੰਦੀ ਵੀ ਵੱਡੀ ਪ੍ਰਾਪਤੀ : ਡੱਲੇਵਾਲ
ਬੀਕੇਯੂ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਕਮੇਟੀ ਬਣਾਉਣ ਅਤੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਲਈ ਰਜ਼ਾਮੰਦ ਹੋਣਾ ਵੀ ਇੱਕ ਵੱਡੀ ਪ੍ਰਾਪਤੀ ਹੈ| ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਜ਼ਮੀਨਾਂ ਦੇ ਕੇਸ ਹਾਰ ਚੁੱਕੇ ਹਨ, ਉਨ੍ਹਾਂ ਬਾਰੇ ਫ਼ੈਸਲੇ 9 ਮੈਂਬਰੀ ਕਮੇਟੀ ਕਰੇਗੀ ਅਤੇ ਹੁਣ ਕਿਸਾਨਾਂ ਦਾ ਪੱਖ ਸੁਣਨ ਮਗਰੋਂ ਹੀ ਕੋਈ ਅਗਲੀ ਕਾਰਵਾਈ ਹੋਵੇਗੀ|