ਜਸਵੰਤ ਜੱਸ
ਫ਼ਰੀਦਕੋਟ, 18 ਮਈ
ਸ਼ਹਿਰ ਵਿੱਚੋਂ ਪਿਛਲੇ ਇੱਕ ਹਫ਼ਤੇ ਤੋਂ ਕੂੜੇ ਦੇ ਢੇਰ ਨਾ ਚੁੱਕਣ ਕਾਰਨ ਸ਼ਹਿਰ ਦੀਆਂ ਜਨਤਕ ਥਾਵਾਂ ਕੂੜੇ ਦੇ ਢੇਰਾਂ ਵਿੱਚ ਤਬਦੀਲ ਹੋ ਗਈਆਂ ਹਨ। ਨਗਰ ਕੌਂਸਲ ਚੋਣਾਂ ਤੋਂ ਬਾਅਦ ਪਿਛਲੇ ਹਫ਼ਤੇ ਹੀ ਨਗਰ ਕੌਂਸਲ ਨੂੰ ਨਵਾਂ ਪ੍ਰਧਾਨ ਅਤੇ ਮੀਤ ਪ੍ਰਧਾਨ ਮਿਲਿਆ ਹੈ। ਸਹੁੰ ਚੁੱਕ ਸਮਾਗਮ ਦੌਰਾਨ ਨਗਰ ਕੌਂਸਲ ਦੇ ਨਵੇਂ ਅਹੁਦੇਦਾਰਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਇਸ ਦੇ ਬਾਵਜੂਦ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਸਮੱਰਥਕਾਂ ਵੱਲੋਂ ਵਧਾਈਆਂ ਦੇਣ ਲਈ ਵਧਾਈ ਬੋਰਡ ਲਾਉਣ ਵਾਸਤੇ ਵੀ ਸਾਫ਼ ਥਾਵਾਂ ਨਹੀਂ ਲੱਭ ਰਹੀਆਂ ਅਤੇ ਕਾਹਲ਼ੀ ਵਿੱਚ ਸਮਰੱਥਕਾਂ ਨੇ ਕੂੜੇ ਦੇ ਢੇਰਾਂ ਉੱਪਰ ਹੀ ਵਧਾਈ ਬੋਰਡ ਲਾ ਦਿੱਤੇ ਹਨ।
ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸਿੰਘ ਨਿੰਦਾ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ ਅਤੇ ਅਹੁਦਾ ਸੰਭਾਲਣ ਤੋਂ ਅਗਲੇ ਦਿਨ ਹੀ ਸ਼ਹਿਰ ਦੀ ਦਿੱਖ ਸੁਧਾਰਨ ਲਈ 11 ਕਰੋੜ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ 400 ਤੋਂ ਵੱਧ ਮੁਲਾਜ਼ਮ ਪਿਛਲੇ ਪੰਜਾਂ ਦਿਨਾਂ ਤੋਂ ਹੜਤਾਲ ’ਤੇ ਹਨ, ਜਿਸ ਕਰਕੇ ਜਨਤਕ ਥਾਵਾਂ ਤੋਂ ਕੂੜੇ ਦੇ ਢੇਰ ਨਹੀਂ ਚੁੱਕੇ ਗਏ।
ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੀ ਸਾਫ਼ ਸਫ਼ਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਤਾਂ ਕੁਝ ਦਿਨ ਪਹਿਲਾਂ ਹੀ ਹੜਤਾਲ ’ਤੇ ਗਏ ਹਨ ਜਦੋਂ ਕਿ ਸ਼ਹਿਰ ਵਿੱਚ ਕੂੜੇ ਦੇ ਢੇਰ ਪਿਛਲੇ ਕਈ ਮਹੀਨਿਆਂ ਤੋਂ ਲੱਗੇ ਹੋਏ ਹਨ। ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਇੱਕ ਪਾਸੇ ਪ੍ਰਸ਼ਾਸਨ ਕਰੋਨਾ ਮਹਾਮਾਰੀ ਦੌਰਾਨ ਸਾਫ਼ ਸਫ਼ਾਈ ਅਤੇ ਸਿਹਤ ਦਾ ਖਿਆਲ ਰੱਖਣ ਦੇ ਪ੍ਰਚਾਰ ਉੱਪਰ ਕਰੋੜਾਂ ਰੁਪਏ ਖਰਚ ਰਿਹਾ ਹੈ, ਦੂਜੇ ਪਾਸੇ ਨਗਰ ਕੌਂਸਲਾਂ ਇਸ ਮਹਾਮਾਰੀ ਦੌਰਾਨ ਕੂੜੇ ਦੇ ਢੇਰਾਂ ਤੋਂ ਵੀ ਨਿਜਾਤ ਨਹੀਂ ਦਿਵਾ ਸਕੀਆਂ।