ਕਾਂਗਰਸ ਨੇ ‘ਆਪ’ ’ਤੇ ਦਲਿਤ ਵਰਗ ਨਾਲ ਧੱਕੇਸ਼ਾਹੀ ਦੇ ਲਾਏ ਦੋਸ਼
ਗੁਲਜ਼ਾਰ ਖ਼ੁਦਕੁਸ਼ੀ ਮਾਮਲੇ ’ਚ ਵਿੱਤ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ
ਕਾਂਗਰਸ ਪਾਰਟੀ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ‘ਆਪ’ ’ਤੇ ਦਲਿਤ ਵਰਗ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ‘ਆਪ’ ਸਰਕਾਰ ਦੇ ਰਾਜ ਵਿੱਚ ਗ਼ਰੀਬ ਦਲਿਤ ਪਰਿਵਾਰ ਪ੍ਰਸ਼ਾਸਨਿਕ ਬੇਰੁਖ਼ੀ ਅਤੇ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਗੁਲਜ਼ਾਰ ਖ਼ੁਦਕੁਸ਼ੀ ਮਾਮਲੇ ਵਿੱਚ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਗੁਲਜ਼ਾਰ ਖ਼ੁਦਕੁਸ਼ੀ ਮਾਮਲੇ ਵਿੱਚ ਵਿੱਤ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਕਾਂਗਰਸ ਦੇ ਐੱਸ ਸੀ ਵਿੰਗ ਦੇ ਕੌਮੀ ਚੇਅਰਮੈਨ ਰਾਜੇਂਦਰ ਪਾਲ ਗੌਤਮ ਨੇ ਕਿਹਾ ਕਿ ‘ਆਪ’ ਨੇ ਦਿੱਲੀ ਵਿੱਚ ਆਪਣੇ ਦਸ ਸਾਲਾਂ ਦੇ ਰਾਜ ਦੌਰਾਨ ਐਸ ਸੀ, ਐਸ ਟੀ ਅਤੇ ਘੱਟ ਗਿਣਤੀ ਵਰਗਾਂ ਲਈ ਬਣਾਏ ਗਏ ਸਮਾਜ ਭਲਾਈ ਢਾਂਚੇ ਨੂੰ ਯੋਜਨਾਬੱਧ ਢੰਗ ਨਾਲ ਤਬਾਹ ਕਰ ਦਿੱਤਾ। ਦਲਿਤ ਬੱਚਿਆਂ ਲਈ 2013 ਵਿੱਚ ਸ਼ੁਰੂ ਕੀਤਾ ਗਿਆ ਦਿੱਲੀ ਦਾ ਇਕਲੌਤਾ ਰਿਹਾਇਸ਼ੀ ਸਕੂਲ ਸਾਲ 2023-24 ਵਿੱਚ ਬੰਦ ਕਰ ਦਿੱਤਾ। ਇਸੇ ਦੌਰਾਨ ਕਾਂਗਰਸ ਪਾਰਟੀ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 15 ਸਤੰਬਰ ਨੂੰ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਇਸ ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਲੋਕੀਆਂ ਦੀਆਂ ਸਮੱਸਿਆਵਾਂ ਨੂੰ ਵੱਡੇ ਪੱਧਰ ’ਤੇ ਚੁੱਕਿਆ ਜਾਵੇਗਾ ਅਤੇ ‘ਆਪ’ ਦਾ ਲੋਕ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਲਿਆਂਦਾ ਜਾਵੇਗਾ।

