ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼ ਲਾਏ
ਆਤਿਸ਼ ਗੁਪਤਾ
ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀਲੇ ਦਿਨ ਅੱਤ ਪੰਜਾਬ ਵਿੱਚ ਕਈ ਥਾਵਾਂ ’ਤੇ ਹੰਗਾਮਾ ਹੋਇਆ। ਇਸ ਦੌਰਾਨ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਆਗੂਆਂ ਵਿੱਚ ਝੜਪਾਂ ਵੀ ਹੋਈਆਂ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਸੂਬੇ ਵਿੱਚ ਹੋਏ ਹੰਗਾਮੇ ਲਈ ਪੰਜਾਬ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਸੂਬਾ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ’ਤੇ ਨਾਮਜ਼ਦਗੀਆਂ ਦਾਖਲ ਕਰਨ ਤੋਂ ਪਹਿਲਾਂ ਸੱਤਾ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਆਪਣਾ ਆਧਾਰ ਗੁਆ ਚੁੱਕੀ ਹੈ। ਇਸੇ ਕਾਰਨ ਪੁਲੀਸ ਤੇ ਸਰਕਾਰੀ ਮਸ਼ੀਨਰੀ ਦੀ ਦੁਵਰਤੋਂ ਕਰਕੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਵੀ ਰੋਕਣ ਲੱਗੀ ਹੋਈ ਹੈ ਪਰ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਸੂਬਾ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਵੜਿੰਗ ਨੇ ਕਿਹਾ ਕਿ ‘ਆਪ’ ਵੱਲੋਂ ਸਾਢੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜੇ ‘ਆਪ’ ਨੂੰ ਆਪਣੇ ਕੰਮਾਂ ’ਤੇ ਭਰੋਸਾ ਹੈ ਤਾਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀ ਚੋਣ ਨਿਰਪੱਖ ਢੰਗ ਨਾਲ ਕਰਵਾਏ, ਜਿਸ ਤੋਂ ਪਤਾ ਲੱਗ ਜਾਵੇਗਾ ਕਿ ਪੰਜਾਬ ਦੇ ਲੋਕ ਕਿੰਨਾ ਕੁ ‘ਆਪ’ ਨੂੰ ਪਸੰਦ ਕਰਦੇ ਹਨ। ਪਟਿਆਲਾ ਪੁਲੀਸ ਦੀ ਆਡੀਓ ਦੇ ਵਾਇਰਲ ਹੋਣ ਤੋਂ ਸਪਸ਼ਟ ਹੁੰਦਾ ਹੈ ਕਿ ਪੁਲੀਸ ਵੱਲੋਂ ਵਿਰੋਧੀਆਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਲਈ ਕਿਸ ਤਰ੍ਹਾਂ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਧੱਕੇਸ਼ਾਹੀ ਕਰਨ ਵਾਲੇ ਪੁਲੀਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
‘ਵੋਟ ਚੋਰੀ’ ਦਾ ਇਲਜ਼ਾਮ ਲਗਾਉਣ ਵਾਲੇ ਚੋਰ: ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕਰਦਿਆਂ ਕਿਹਾ ਕਿ ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਚੋਣ ਚੋਰੀ ਕਰਨ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ। ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿਚ ਧੱਕੇਸ਼ਾਹੀ ਕਰਨ ਸਬੰਧੀ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਦੀ ਟੈਲੀ ਕਾਨਫਰੰਸ ਦੀ ਆਡੀਓ ਸਾਹਮਣੇ ਆਈ ਹੈ, ਜੋ ਲੋਕਤੰਤਰ ਦੇ ਹੋਣ ਵਾਲੇ ਘਾਣ ਦਾ ਸਬੂਤ ਹੈ। ਪੰਜਾਬ ਦੇ ਮੁੱਖ ਮੰਤਰੀ ਵਿਦੇਸ਼ ਘੁੰਮ ਰਹੇ ਹਨ ਅਤੇ ਸਾਮ, ਦਾਮ, ਦੰਡ, ਭੇਦ ਦੀ ਨੀਤੀ ਦਾ ਸ਼ਰ੍ਹੇਆਮ ਐਲਾਨ ਕਰਨ ਵਾਲੇ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਖਜ਼ਾਨੇ ਦੀ ਲੁੱਟ ਤੋਂ ਬਾਅਦ ਵੋਟਾਂ ਦੀ ਲੁੱਟ ਕਰਨ ਦੀ ਵੀ ਪੱਕੀ ਧਾਰ ਲਈ ਹੈ।
ਅਜਿਹੀ ਧੱਕੇਸ਼ਾਹੀ ਪਹਿਲਾਂ ਕਦੇ ਨਹੀਂ ਦੇਖੀ: ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ‘ਆਪ’ ਵੱਲੋਂ ਜੋ ਕੀਤਾ ਜਾ ਰਿਹਾ ਹੈ, ਉਹ ਅੱਜ ਤੱਕ ਕਦੇ ਵੀ ਦੇਖਣ ਨੂੂੰ ਨਹੀਂ ਮਿਲਿਆ ਹੈ। ਪੁਲੀਸ ਦੀ ਜ਼ਿੰਮੇਵਾਰੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣਾ ਹੁੰਦਾ ਹੈ, ਜੇ ਐੱਸ ਐੱਸ ਪੀ ਪੱਧਰ ਦੇ ਅਧਿਕਾਰੀਆਂ ਵੱਲੋਂ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਅਜਿਹੀ ਹਦਾਇਤ ਦਿੱਤੀ ਜਾਵੇਗੀ ਤਾਂ ਲੋਕ ਇਨਸਾਫ ਲਈ ਕਿੱਥੇ ਜਾਣਗੇ।
ਪੁਲੀਸ ਨੂੰ ਪਾਰਟੀ ਵਰਕਰਾਂ ਵਾਂਗ ਵਰਤ ਰਹੀ ‘ਆਪ’: ਸਰੀਨ
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਹਾਰ ਦੇ ਡਰ ਤੋਂ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਾਰਟੀ ਵਰਕਰਾਂ ਵਾਂਗ ਵਰਤ ਵਰਤ ਰਹੀ ਹੈ, ਜਿਨ੍ਹਾਂ ਵੱਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ’ਤੇ ਨਾਮਜ਼ਦਗੀ ਪੱਤਰ ਦਾਖ਼ਲ ਨਾ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਇੰਨਾ ਹੀ ਨਹੀਂ ਕਈ ਹਲਕਿਆਂ ’ਚ ਪੁਲੀਸ ਵੱਲੋਂ ਉਮੀਦਵਾਰਾਂ ਦੇ ਘਰਾਂ ’ਤੇ ਛਾਪੇ ਮਾਰੇ ਜਾ ਰਹੇ ਹਨ ਤੇ ਪਰਿਵਾਰਕ ਮੈਂਬਰਾਂ ਨੂੰ ਚੁੱਕ ਥਾਣੇ ਲਿਜਾਇਆ ਜਾ ਰਿਹਾ ਹੈ।
