ਪੱਤਰ ਪ੍ਰੇਰਕ
ਭੁੱਚੋ ਮੰਡੀ, 17 ਮਈ
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਨਸ਼ੇ ਖ਼ਤਮ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਚੋਣਾਂ ਮੌਕੇ ਪੰਜਾਬ ਵਿੱਚੋਂ ਦਸ ਦਿਨਾਂ ਵਿੱਚ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਨਸ਼ਿਆਂ ਨੂੰ ਕੋਈ ਠੱਲ੍ਹ ਨਹੀਂ ਪਈ। ਸੂਬੇ ਵਿੱਚ ਰੋਜ਼ਾਨਾ ਨਸ਼ਿਆਂ ਕਾਰਨ ਨੌਜਵਾਨ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਪਿੰਡ ਵਿੱਚ ਔਰਤਾਂ ਸਣੇ ਪਿੰਡ ਵਾਸੀਆਂ ਨੇ 20 ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਜੋ ਪੰਜਾਬ ਵਿੱਚੋਂ ਨਸ਼ਿਆਂ ਦੇ ਵੱਡੇ ਤਸਕਰਾਂ ਨੂੰ ਖ਼ਤਮ ਕਰਨ ਦੇ ਦਾਅਵੇ ਕਰਦੇ ਸਨ, ਉਹ ਆਪ ਹੀ ਖ਼ਤਮ ਹੋ ਗਏ।