ਕਾਂਗਰਸ ਤੇ ‘ਆਪ’ ਨੇ ਪੰਜਾਬ ਬਰਬਾਦ ਕੀਤਾ: ਹਰਸਿਮਰਤ
ਸੰਸਦ ਮੈਂਬਰ ਦਾ ਬਠਿੰਡਾ ਦੌਰਾ; ਸਰਕਾਰ ’ਤੇ ਕਾਨੂੰਨ-ਵਿਵਸਥਾ ਢਹਿ-ਢੇਰੀ ਹੋਣ ਦੇ ਦੋਸ਼ ਲਾਏ
ਸ਼੍ੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰਾਂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਈ ਥਾਵਾਂ ’ਤੇ ਨੁੱਕੜ ਸਭਾਵਾਂ ਕਰਦਿਆਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਸੂਬੇ ਨੂੰ ਹਰ ਪੱਖੋਂ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ਦੌਰਾਨ ਜਨਤਾ ਤੋਂ ਦੂਰ ਰਹੇ ਅਤੇ ਚਰਨਜੀਤ ਸਿੰਘ ਚੰਨੀ ਵੀ ਵਿਵਾਦਾਂ ਵਿੱਚ ਘਿਰੇ ਰਹੇ। ‘ਆਪ’ ਸਰਕਾਰ ’ਤੇ ਵਰ੍ਹਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਬਦਲਾਅ ਤੇ ਇਨਕਲਾਬ ਦੇ ਨਾਂ ’ਤੇ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਗੜ੍ਹ ਬਣਾ ਦਿੱਤਾ ਗਿਆ ਹੈ। ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। ਅੱਜ-ਕੱਲ੍ਹ ਅਖ਼ਬਾਰਾਂ ਦੀਆਂ ਸੁਰਖੀਆਂ ਕਤਲਾਂ ਅਤੇ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ ਨਾਲ ਭਰੀਆਂ ਰਹਿੰਦੀਆਂ ਹਨ, ਜਦਕਿ ਅਕਾਲੀ ਸਰਕਾਰ ਵੇਲੇ ਵਿਕਾਸ ਕਾਰਜਾਂ ਦੀ ਚਰਚਾ ਹੁੰਦੀ ਸੀ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਸੱਤਾ ਦਿੱਲੀ ਦੇ ਹੱਥਾਂ ਵਿੱਚ ਸਿਮਟ ਕੇ ਰਹਿ ਗਈ ਹੈ ਅਤੇ ਮੁੱਖ ਮੰਤਰੀ ਖੁਦਮੁਖ਼ਤਿਆਰ ਫ਼ੈਸਲੇ ਲੈਣ ਦੇ ਸਮਰੱਥ ਨਹੀਂ ਰਹੇ। ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਦੇ ਬਜਟਾਂ ’ਚ ਪੰਜਾਬ ਨੂੰ ਲਗਾਤਾਰ ਅਣਗੌਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਮੁੜ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਕਾਸ ਦੀ ਨਵੀਂ ਦਿਸ਼ਾ ਤੈਅ ਕੀਤੀ ਜਾਵੇ।

