ਕਾਂਗਰਸ ਤੇ ਭਾਜਪਾ ਨੇ ਮਾਨ ਦੇ ਚੇਨੱਈ ਜਾਣ ’ਤੇ ਚੁੱਕੇ ਸਵਾਲ
ਪੰਜਾਬ ਵਿੱਚ ਕਾਂਗਰਸ ਤੇ ਭਾਜਪਾ ਨੇ ਹੜ੍ਹਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਨੂੰ ਛੱਡ ਕੇ ਤਾਮਿਲਨਾਡੂ ਜਾਣ ’ਤੇ ਸਵਾਲ ਚੁੱਕੇ ਹਨ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਦੀ ਘੇਰਾਬੰਦੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਰੱਬ ਆਸਰੇ ਛੱਡ ਕੇ ਖੁਦ ਚੇਨੱਈ ਚਲੇ ਗਏ ਹਨ।
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਲਗਪਗ ਅੱਧਾ ਪੰਜਾਬ ਹੜ੍ਹ ਦੀ ਚਪੇਟ ਵਿਚ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨਾਲ ਮੁਸਕਰਾਉਂਦੇ ਹੋਏ ਨਾਸ਼ਤਾ ਕਰਨ ਵਿੱਚ ਵਿਅਸਤ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਮੁੱਖ ਮੰਤਰੀ ਮਾਨ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਕੇ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਪਹੁੰਚ ਕੇ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਤਾਮਿਲਨਾਡੂ ਜਾਣ ਦੀ ਥਾਂ ਪੰਜਾਬ ਦੇ ਲੋਕਾਂ ਨਾਲ ਖੜ੍ਹਨ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਦੀ ਝਪੇਟ ਵਿੱਚ ਆਏ ਪੰਜਾਬ ਨੂੰ ਛੱਡ ਕੇ ਤਾਮਿਲਨਾਡੂ ਜਾਣ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੇ ਸਮੇਂ ਤਾਮਿਲਨਾਡੂ ਜਾਣ ਦੀ ਥਾਂ ਪੰਜਾਬ ਦੇ ਲੋਕਾਂ ਨਾਲ ਖੜ੍ਹਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੌਨਸੂਨ ਸੀਜ਼ਨ ਦੀ ਆਮਦ ਨੂੰ ਲੈ ਕੇ ਪਹਿਲਾਂ ਕੋਈ ਤਿਆਰੀਆਂ ਨਹੀਂ ਕੀਤੀਆਂ ਗਈਆਂ ਅਤੇ ਅੱਜ ਮੁੱਖ ਮੰਤਰੀ ਹੜ੍ਹਾਂ ਦੀ ਮਾਰ ਹੇਠ ਪੰਜਾਬ ਨੂੰ ਛੱਡ ਕੇ ਤਾਮਿਲਨਾਡੂ ਚਲੇ ਗਏ ਹਨ। ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।