ਵਿਗੜੀ ਕਾਨੂੰਨ ਵਿਵਸਥਾ ’ਤੇ ਕਾਂਗਰਸ ਨੇ ਸਰਕਾਰ ਘੇਰੀ
ਪੰਜਾਬ ਵਿੱਚ ਕੁਝ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਕਤਲ ਅਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਨੇ ਸਰਕਾਰ ਦੀ ਘੇਰਾਬੰਦੀ ਕੀਤੀ ਹੈ।...
ਪੰਜਾਬ ਵਿੱਚ ਕੁਝ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਕਤਲ ਅਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਨੇ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਵਿੱਚ ਨਾਕਾਮ ਰਹਿ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਅੰਦਰ ਆਏ ਦਿਨ ਹੋ ਰਹੀਆਂ ਹੱਤਿਆਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਤੋਂ ਪ੍ਰਤੀਤ ਹੁੰਦਾ ਹੈ ਕਿ ‘ਆਪ’ ਦੀ ਸਰਕਾਰ ਨੇ ਸੱਤਾ ਨੂੰ ਤਿਆਗ ਦਿੱਤਾ ਹੈ। ਇਸੇ ਕਰਕੇ ਪੰਜਾਬ ਵਿੱਚ ਅਪਰਾਧੀ ਅਤੇ ਗੈਂਗਸਟਰ ਬਿਨਾਂ ਖੌਫ ਤੋਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਪੰਜਾਬ ਵਿੱਚ ਅਪਰਾਧੀਆਂ ਤੇ ਗੈਂਗਸਟਰਾਂ ਵੱਲੋਂ ਰੋਜ਼ਾਨਾ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਦੋ ਦਿਨ ਪਹਿਲਾਂ ਫ਼ਿਰੋਜ਼ਪੁਰ ਵਿੱਚ ਵਪਾਰੀ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਅਗਲੇ ਦਿਨ ਅੰਮ੍ਰਿਤਸਰ ਵਿੱਚ ਫਿਰੌਤੀ ਲਈ ਇੱਕ ਹੋਰ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਸ਼ਹੂਰ ਗਾਇਕ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

