ਕਾਂਗਰਸ ਨੇ ਵਿਸ਼ੇਸ਼ ਸੈਸ਼ਨ ਦੇ ਮੁੱਦੇ ਉੱਤੇ ‘ਆਪ’ ਨੂੰ ਘੇਰਿਆ
ਆਤਿਸ਼ ਗੁਪਤਾ
ਚੰਡੀਗੜ੍ਹ, 6 ਜੁਲਾਈ
ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਕਾਨੂੰਨ ਬਨਾਉਣ ਲਈ 10 ਤੇ 11 ਜੁਲਾਈ ਨੂੰ ਸੱਦੇ ਦੋ ਦਿਨਾਂ ਵਿਸ਼ੇਸ਼ ਸੈਸ਼ਨ ’ਤੇ ਪੰਜਾਬ ਕਾਂਗਰਸ ਨੇ ਸਵਾਲ ਚੁੱਕੇ ਹਨ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਲਈ ਵਿਸ਼ੇਸ਼ ਸੈਸ਼ਨ ਸੱਦ ਕੇ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਨੂੰ ਆਪਣੇ ਤਿੰਨ ਸਾਲਾਂ ਦੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਬਾਰੇ ਯਾਦ ਨਹੀਂ ਆਈ। ਇਸੇ ਕਰਕੇ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਪਰ ਹੁਣ ਜਦੋਂ ਬੇਅਦਬੀ ਦੇ ਮਾਮਲੇ ਪ੍ਰਤੀ ਲੋਕਾਂ ਵਿੱਚ ਸਰਕਾਰ ਵਿਰੁੱਧ ਗੁੱਸਾ ਵਧ ਰਿਹਾ ਹੈ ਤਾਂ ਹੁਣ ਸੂਬਾ ਸਰਕਾਰ ਵਿਸ਼ੇਸ਼ ਸੈਸ਼ਨ ਦੇ ਨਾਮ ’ਤੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਸ੍ਰੀ ਵੜਿੰਗ ਨੇ ਕਿਹਾ ਕਿ ‘ਆਪ’ ਨੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ, ਜਦੋਂ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲੇ ’ਤੇ ਜਾਂਚ ਕੀਤੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ਦੀ ਥਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ‘ਆਪ’ ਦੀਆਂ ਚਾਲਾਂ ਤੋਂ ਭਲੀ-ਭਾਂਤੀ ਜਾਣ ਚੁੱਕੇ ਹਨ, ਹੁਣ ਉਹ ਸਰਕਾਰ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ।