ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਦਰਾਂ ’ਚ ਕੀਤੇ 35 ਫ਼ੀਸਦ ਵਾਧੇ ਨੂੰ ਵਾਪਸ ਲੈ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਸਰਕਾਰ ਬਿਜਲੀ ਖਪਤਕਾਰਾਂ ਲਈ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਨ ਦੇ ਬਾਵਜੂਦ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ 800 ਯੂਨਿਟ ਮੁਫ਼ਤ ਬਿਜਲੀ ਦੇ ਮੁਕਾਬਲੇ 3791 ਕਰੋੜ ਰੁਪਏ ਵੱਧ ਵਸੂਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ਼ ਚੋਣ ਸਟੰਟ ਕਰ ਰਹੇ ਹਨ।
ਡਾ. ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲ ਦੌਰਾਨ ਇਕ ਦਰਜਨ ਕਿਸ਼ਤਾਂ ’ਚ ਬਿਜਲੀ ਦਰਾਂ ’ਚ 35 ਫ਼ੀਸਦ ਵਾਧਾ ਕੀਤਾ ਹੈ, ਜਿਸ ਨਾਲ ਉਨ੍ਹਾਂ ਚੋਖਾ ਮਾਲੀਆ ਇਕੱਠਾ ਕੀਤਾ। ਹੁਣ ਸਰਕਾਰ ਕੋਲ ਵਿਖਾਉਣ ਨੂੰ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਨਿੱਜੀ ਥਰਮਲ ਪਲਾਂਟਾਂ ਨਾਲ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਬਾਰੇ ਵੀ ਫ਼ੈਸਲਾ ਲੈਣ। ਉਨ੍ਹਾਂ ਕਿਹਾ ਕਿ ਜੀਵੀਕੇ ਨਾਲ ਪੀਪੀਏ ਰੱਦ ਕਰਨਾ ਬੇਤੁਕਾ ਹੈ ਕਿਉਂਕਿ ਕੰਪਨੀ ਪਹਿਲਾਂ ਹੀ ਢਹਿ ਢੇਰੀ ਹੋ ਗਈ ਹੈ ਤੇ ਸਰਕਾਰ ਨੇ ਖੁਦ ਇਸ ਨੂੰ ਨਾਨ ਪਰਫਾਰਮਿੰਗ ਜਾਇਦਾਦ ਮੰਨਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੋਰ ਪੀਪੀਏ ਰੱਦ ਕਰ ਕੇ ਪ੍ਰਸ਼ਾਸਕੀ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ ਪਰ ਮੁੱਖ ਮੰਤਰੀ ਹੁਣ ਇਹ ਮਾਮਲਾ ਵਿਧਾਨ ਸਭਾ ’ਚ ਲੈ ਕੇ ਜਾਣ ਦੀ ਗੱਲ ਕਰ ਰਹੇ ਹਨ।