ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 2 ਫਰਵਰੀ
ਇੱਥੋਂ ਨੇੜਲੇ ਪਿੰਡ ਸਿੱਧਵਾਂ ਕਲਾਂ ’ਚ ਚੋਣ ਪ੍ਰਚਾਰ ਕਰਨ ਪੰਹੁਚੇ ਕਾਂਗਰਸ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਨੂੰ ਅੱਜ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਸਵਾਲ ਪੁੱਛੇ ਗਏ ਪਰ ਗੰਭੀਰ ਮੁੱਦਿਆਂ ’ਤੇ ਚਰਚਾ ਕਰਨ ’ਚ ਵਿਧਾਇਕ ਜੱਗਾ ਹਿੱਸੋਵਾਲ ਥਿੜਕ ਗਏ। ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ, ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਬਿ ਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਵਿਚ ਪੈ ਕੇ ਮਾਹੌਲ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ‘ਆਪ’ ਛੱਡ ਕੇ ਕਾਂਗਰਸ ’ਚ ਆਏ ਉਮੀਦਵਾਰ ਜੱਗਾ ਹਿੱਸੋਵਾਲ ਜਦੋਂ ਪਿੰਡ ਵਿਚ ਚੋਣ ਪ੍ਰਚਾਰ ਕਰਨ ਆਏ ਤਾਂ ਕਿਸਾਨ ਸੰਘਰਸ਼ ’ਚ ਮੋਹਰੀ ਭੂਮਿਕਾ ਅਦਾ ਕਰਨ ਵਾਲੇ ਗੁਰਪ੍ਰੀਤ ਸਿੰਘ ਸਿੱਧਵਾਂ ਨੇ ਉਨ੍ਹਾਂ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਇਸ ਮੌਕੇ ਕਿਸਾਨ ਆਗੂਆਂ ਨੇ ਫ਼ਸਲਾਂ ਦੇ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਨਾ ਹੋਣ, ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਨਾ ਦੇਣ ਅਤੇ ਕਰੋਨਾ ਦੀ ਆੜ ’ਚ ਬੰਦ ਪਏ ਸਕੂਲ ਖੋਲ੍ਹਣ ਬਾਰੇ ਪੁੱਛਿਆ ਗਿਆ ਤਾਂ ਕਾਂਗਰਸੀ ਉਮੀਦਵਾਰ ਨੇ ਕੋਈ ਠੋਸ ਜਵਾਬ ਦੇਣ ਜਾਂ ਕਾਰਵਾਈ ਕਰਨ ਦੀ ਥਾਂ ਪੱਲਾ ਛੁਡਾਉਣ ’ਚ ਹੀ ਬਿਹਤਰੀ ਸਮਝੀ। ਕਿਸਾਨਾਂ ਨੇ ਉਨ੍ਹਾਂ ਨੂੰ ਕਾਂਗਰਸ ਵੱਲੋਂ ਪਿਛਲੇ ਤੀਹ ਸਾਲਾਂ ਤੋਂ ਲਾਗੂ ਕੀਤੀਆਂ ਗਈਆਂ ਨਿੱਜੀਕਰਨ ਤੇ ਠੇਕੇਦਾਰੀ ਦੀਆਂ ਨੀਤੀਆਂ ਅਤੇ ਡਬਲਿਊਟੀਓ ਦੀਆਂ ਸਭ ਸ਼ਰਤਾਂ ਨੂੰ ਪ੍ਰਵਾਨ ਕਰਨ ਬਾਰੇ ਵੀ ਸਵਾਲ ਕੀਤਾ ਤਾਂ ਕਾਂਗਰਸੀ ਉਮੀਦਵਾਰ ਲਾਜਵਾਬ ਹੋ ਗਏ।
ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡਾਂ ’ਚ ਆਉਣ ਵਾਲੀਆਂ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਸਵਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਬਾਕਾਇਦਾ ਇਕ ਸਵਾਲਨਾਮਾ ਜਾਰੀ ਕੀਤਾ ਗਿਆ ਹੈ ਤਾਂ ਕਿ ਹਰ ਪਿੰਡ ’ਚ ਉਮੀਦਵਾਰਾਂ ਨੂੰ ਸਵਾਲ ਕੀਤੇ ਜਾ ਸਕਣ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਕਿਸੇ ਵੀ ਪਾਰਟੀ ਕੋਲ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਨਹੀਂ ਹੈ।
ਬੇਰੁਜ਼ਗਾਰਾਂ ਵੱਲੋਂ ਵਿਧਾਇਕ ਘੁਬਾਇਆ ਦਾ ਘਿਰਾਓ
ਫਾਜ਼ਿਲਕਾ (ਪਰਮਜੀਤ ਸਿੰਘ): ਵਿਧਾਨ ਸਭਾ ਹਲਕਾ ਫਾਜ਼ਿਲਕਾ ਤੋਂ ਕਾਂਗਰਸ ਦੇ ਉਮੀਦਵਾਰ ਵਿਧਾਇਕ ਦਵਿੰਦਰ ਘੁਬਾਇਆ ਦਾ ਪਹਿਲਾਂ ਹਲਕੇ ਦੇ ਲੋਕਾਂ ਵੱਲੋਂ ਵਿਕਾਸ ਕਾਰਜਾਂ ਵਿੱਚ ਵਿਤਕਰੇ ਕਾਰਨ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਹੁਣ ਰੁਜ਼ਗਾਰ ਦਾ ਵਾਅਦਾ ਪੂਰਾ ਨਾ ਕਰਨ ਕਰਕੇ ਬੇਰੁਜ਼ਗਾਰ ਉਨ੍ਹਾਂ ਦੀ ਖ਼ਿਲਾਫ਼ਤ ਕਰ ਰਹੇ ਹਨ। ਇਸੇ ਤਹਿਤ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕਾਂ ਅਤੇ ਪੰਜਾਬ ਪੁਲੀਸ ਦੀ ਭਰਤੀ ਲਈ ਬੇਰੁਜ਼ਗਾਰ ਫਿਰ ਰਹੇ ਨੌਜਵਾਨਾਂ ਵੱਲੋਂ ਅੱਜ ਪਿੰਡ ਜੰਡਵਾਲਾ ਮੀਰਾ ਸਾਂਗਲਾ ਪਹੁੰਚੇ ਵਿਧਾਇਕ ਘੁਬਾਇਆ ਨੂੰ ਤਿੱਖੇ ਸਵਾਲ ਕੀਤੇ ਗਏ। ਘੁਬਾਇਆ ਨੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਹਰ ਯੂਨੀਅਨ ਨੂੰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਮਿਲਾਉਣ ਦੀ ਜ਼ਿੰਮੇਵਾਰੀ ਨਿਭਾਈ ਹੈ। ਕੁਝ ਭਰਤੀਆਂ ਕੋਰਟ ਦਾ ਮਸਲਾ ਹੋਣ ਕਰਕੇ ਰੁਕੀਆਂ ਹੋਈਆਂ ਹਨ। ਬੇਰੁਜ਼ਗਾਰ ਨੌਜਵਾਨਾਂ ਨੇ ਕਿਹਾ ਕਿ ਸਰਕਾਰ ਨੇ ਇੱਕ ਵੀ ਭਰਤੀ ਨਹੀਂ ਕੀਤੀ। ਜੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਜਾਂਦਾ ਤਾਂ ਇਕੱਲੇ ਉਨ੍ਹਾਂ ਦੇ ਪਿੰਡ ’ਚੋਂ ਹੀ ਚਾਲੀ ਤੋਂ ਪੰਜਾਹ ਨੌਜਵਾਨਾਂ ਨੂੰ ਨੌਕਰੀ ਮਿਲਣੀ ਸੀ ਪਰ ਹੁਣ ਉਹ ਬੇਰੁਜ਼ਗਾਰ ਹਨ। ਇਸ ਮਗਰੋਂ ਨੌਜਵਾਨਾਂ ਦੇ ਸਵਾਲ ਵਿਚਾਲੇ ਛੱਡ ਕੇ ਘੁਬਾਇਆ ਉੱਥੋਂ ਚਲੇ ਗਏ। ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਜਥੇਬੰਦੀ ਦੇ ਹੱਕ ਵਿੱਚ ਅਤੇ ਵਿਧਾਇਕ ਖ਼ਿਲਾਫ਼ ਨਾਅਰੇ ਲਗਾਏ।