ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਫਰਵਰੀ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਨੇ 200 ਤੋਂ ਜ਼ਿਆਦਾ ਥਾਵਾਂ ’ਤੇ ਕਬਜ਼ਾ ਕੀਤਾ। ਚੀਮਾ ਨੇ ਕਿਹਾ ਕਿ ਸਮਾਣਾ, ਅਬੋਹਰ, ਪੱਟੀ, ਫਿਰੋਜ਼ਪੁਰ, ਰਾਜਪੁਰਾ, ਬਠਿੰਡਾ, ਧੂਰੀ, ਪਾਤੜਾਂ ਅਤੇ ਹੋਰ ਕਈ ਥਾਵਾਂ ’ਤੇ ਕਾਂਗਰਸ ਦੇ ਗੁੰਡਿਆਂ ਵੱਲੋਂ ਹਿੰਸਾ ਅਤੇ ਬੂਥ ਕਬਜ਼ੇ ਕਰਨ ਦੀ ਰਿਪੋਰਟ ਸਾਹਮਣੇ ਆਈ ਹੈ। ਉਨ੍ਹਾਂ ਚੋਣ ਕਮਿਸ਼ਨ ਦੇ ਰਵੱਈਏ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਬੂਥ ਕਬਜ਼ਿਆਂ ਦਾ ਮਾਮਲਾ ਸਾਹਮਣੇ ਆਉਣ ਦੇ ਬਾਵਜੂਦ ਚੋਣ ਕਮਿਸ਼ਨ ਨੇ ਸਿਰਫ਼ 3 ਮਤਦਾਨ ਕੇਂਦਰਾਂ ’ਤੇ ਮੁੜ ਚੋਣਾਂ ਕਰਾਉਣ ਦਾ ਫ਼ੈਸਲਾ ਕੀਤਾ, ਜਦਕਿ ਇਨ੍ਹਾਂ ਸਾਰੀਆਂ ਥਾਵਾਂ ’ਤੇ ਮੁੜ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਧੱਕੇਸ਼ਾਹੀ ਦਾ ਡਟ ਕੇ ਸਾਹਮਣਾ ਕਰਨ ਵਾਲੇ ‘ਆਪ’ ਆਗੂਆਂ ਨੂੰ ਸਲਾਮ: ਮਾਨ
ਸੰਸਦ ਮੈਂਬਰ ਭਗਵੰਤ ਮਾਨ ਨੇ ਨਗਰ ਕੌਂਸਲ ਚੋਣਾਂ ਵਿੱਚ ਹੋਈ ਧੱਕੇਸ਼ਾਹੀ ਦਾ ਡਟ ਕੇ ਸਾਹਮਣਾ ਕਰਨ ਵਾਲੇ ਪਾਰਟੀ ਦੇ ਆਗੂਆਂ, ਵਾਲੰਟੀਅਰਾਂ ਤੇ ਉਮੀਦਵਾਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕੌਂਸਲ ਚੋਣਾਂ ’ਚ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਦਿਆਂ ਬੂਥਾਂ ’ਤੇ ਕਬਜ਼ੇ ਕੀਤੇ। ਕਈ ਥਾਵਾਂ ’ਤੇ ਹਿੰਸਕ ਘਟਨਾਵਾਂ ਹੋਈਆਂ। ਪੱਟੀ ਵਿੱਚ ‘ਆਪ’ ਵਰਕਰ ’ਤੇ ਗੋਲੀ ਚਲਾਈ ਗਈ। ਜਦੋਂ ਕਾਂਗਰਸੀਆਂ ਦੀ ਧੱਕੇਸ਼ਾਹੀ ਸਾਹਮਣੇ ਆਈ ਤਾਂ ਸਭ ਤੋਂ ਪਹਿਲਾਂ ‘ਆਪ’ ਦੇ ਵਾਲੰਟੀਅਰਾਂ ਨੇ ਵਿਰੋਧ ਕੀਤਾ। ਇਨ੍ਹਾਂ ਚੋਣਾਂ ਨੇ ਵਿਖਾਇਆ ਹੈ ਕਿ ‘ਆਪ’ ਵਾਲੰਟੀਅਰ ਸਚਾਈ ’ਤੇ ਡਟ ਕੇ ਖੜ੍ਹੇ ਹਨ।