ਲੋਕ ਸਭਾ ਚੋਣਾਂ ’ਚ ਵੋਟ ਚੋਰੀ ਨਾਲ ਕਾਂਗਰਸ ਨੂੰ ਹਰਾਇਆ: ਵੜਿੰਗ
ਮਿਹਰ ਸਿੰਘ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕਤੰਤਰ ਦਾ ਘਾਣ ਕਰ ਕੇ ਕੇਂਦਰ ’ਤੇ ਕਾਬਜ਼ ਭਾਜਪਾ ਨੂੰ ਸੱਤਾ ’ਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਅੱਜ ਇੱਥੇ ਸਬਜ਼ੀ ਮੰਡੀ ਵਿੱਚ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਦਾ ਆਗਾਜ਼ ਕਰਨ ਪੁੱਜੇ ਰਾਜਾ ਵੜਿੰਗ ਨੇ ਸ਼ਹਿਰ ਦੇ ਨੌਜਵਾਨਾਂ ਤੋਂ ਫਾਰਮ ਭਰਵਾਏ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਮੁਹਿੰਮ ਸ਼ੁਰੂ ਕਰਦਿਆਂ ਵੜਿੰਗ ਨੇ ਕਿਹਾ ਕਿ ਜੇ ਭਾਜਪਾ ਲੋਕ ਸਭਾ ਚੋਣਾਂ ਵਿੱਚ ਵੋਟ ਚੋਰੀ ਨਾ ਕਰਦੀ ਤਾਂ ਅੱਜ ਦੇਸ਼ ਵਿੱਚ ਕਾਂਗਰਸ ਦਾ ਰਾਜ ਹੋਣਾ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ 25 ਸੀਟਾਂ ’ਤੇ ਕਾਂਗਰਸ ਨੂੰ ਕਥਿਤ ਗ਼ਲਤ ਢੰਗ ਨਾਲ ਹਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਈ ਸੂਬਿਆਂ ’ਚ ਵੀ ਵੋਟ ਚੋਰੀ ਨਾਲ ਹੀ ਭਾਜਪਾ ਨੇ ਸਰਕਾਰਾਂ ਬਣਾਈਆਂ ਹਨ। ਸ੍ਰੀ ਵੜਿੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਪੰਜ ਮਹੀਨਿਆਂ ਵਿੱਚ 70 ਲੱਖ ਨਵੀਂ ਵੋਟ ਬਣਨੀ ਕਈ ਤਰ੍ਹਾਂ ਦੇ ਖ਼ਦਸ਼ੇ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਭਾਜਪਾ ਦੀ ਇਸ ਚੋਰੀ ਦਾ ਪਰਦਾਫਾਸ਼ ਕਰ ਚੁੱਕੇ ਹਨ ਪਰ ਹੁਣ ਇਸ ਨੂੰ ਬੰਦ ਕਰਨ ਲਈ ਦੇਸ਼ ਵਿਆਪੀ ਮੁਹਿੰਮ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਨੂੰ ਨਾ ਰੋਕਿਆ ਗਿਆ ਤਾਂ ਲੋਕਤੰਤਰ ਦਾ ਘਾਣ ਜਾਰੀ ਰਹੇਗਾ। ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਤੇ ਹਰ ਵਰਗ ਦੇ ਲੋਕ ਇਸ ਤੋਂ ਦੁਖੀ ਹਨ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ‘ਆਪ’ ਨੂੰ ਚੱਲਦਾ ਕਰਕੇ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਲਈ ਕਾਹਲੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਕਮਲਜੀਤ ਚਾਵਲਾ, ਪੰਜਾਬ ਕਾਂਗਰਸ ਦੇ ਡੈਲੀਗੇਟ ਰਾਕੇਸ਼ ਕਾਲੀਆ, ਕੌਂਸਲਰ ਰਮਾਕਾਂਤ ਕਾਲੀਆ, ਹਲਕਾ ਇੰਚਾਰਜ ਵਿਜੇ ਸ਼ਰਮਾ, ਸਿਟੀ ਕਾਂਗਰਸ ਦੇ ਪ੍ਰਧਾਨ ਦਿਨੇਸ਼ ਗੌਤਮ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।