ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਅੱਜ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਹੋਈਆਂ ਧੱਕੇਸ਼ਾਹੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਕਾਰਨ ਵਿਰੋਧੀ ਧਿਰ ਦੇ ਵੱਡੀ ਗਿਣਤੀ ਉਮੀਦਵਾਰ ਨਾਮਜ਼ਦਗੀਆਂ ਦਾਖ਼ਲ ਕਰਨ ਤੋਂ ਰਹਿ ਗਏ ਹਨ। ਇਸ ਲਈ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ ਵਧਾਈ ਜਾਵੇ।
ਸ੍ਰੀ ਬਾਜਵਾ ਨੇ ਚੋਣ ਕਮਿਸ਼ਨਰ ਨੂੰ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਤਾਰੀਖ 4 ਦਸੰਬਰ ਨੂੰ ਪੰਜਾਬ ਭਰ ਵਿੱਚ ਕਈ ਥਾਵਾਂ ’ਤੇ ਉਮੀਦਵਾਰਾਂ ਨੂੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਣ ਅਤੇ ਕਾਗਜ਼ ਖੋਹ ਕੇ ਭੱਜਣ ਦੀਆਂ ਘਟਨਾਵਾਂ ਸਾਹਮਣਾ ਆਈਆਂ ਹਨ। ਇਸ ਦੌਰਾਨ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜ ਵੀ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕਈ ਉਮੀਦਵਾਰਾਂ ਨੂੰ ਗੈ਼ਰ ਕਾਨੂੰਨੀ ਢੰਗ ਨਾਲ ਪੁਲੀਸ ਹਿਰਾਸਤ ਵਿੱਚ ਰੱਖਿਆ ਗਿਆ ਹੈ, ਜਿਸ ਨਾਲ ਚੋਣਾਂ ਵਿੱਚ ਵਿਰੋਧੀ ਧਿਰ ਦੀ ਹਿੱਸੇਦਾਰੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਐੱਸ ਐੱਸ ਪੀ ਦੀ ਵਾਇਰਲ ਹੋਈ ਵੀਡੀਓ ਤੋਂ ਸਪਸ਼ਟ ਹੈ ਕਿ ਇਹ ਸਭ ਪੰਜਾਬ ਪੁਲੀਸ ਨੇ ਸੱਤਾਧਾਰੀ ਧਿਰ ਦੇ ਇਸ਼ਾਰੇ ’ਤੇ ਕਰਵਾਇਆ ਹੈ।
ਪੰਜਾਬ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਹੋਈ ਧੱਕੇਸ਼ਾਹੀ ਸਿੱਧੇ ਤੌਰ ’ਤੇ ਸੰਵਿਧਾਨ ਦੇ ਆਰਟੀਕਲ 14, 19 ਅਤੇ 21 ਦੀ ਉਲੰਘਣਾ ਹੈ, ਜੋ ਕਾਨੂੰਨ ਅੱਗੇ ਬਰਾਬਰੀ, ਜਮਹੂਰੀ ਪ੍ਰਕਿਰਿਆਵਾਂ ਵਿੱਚ ਭਾਗ ਲੈਣ ਦੀ ਆਜ਼ਾਦੀ ਅਤੇ ਨਿੱਜੀ ਆਜ਼ਾਦੀ ਦੀ ਰੱਖਿਆ ਦੀ ਗਾਰੰਟੀ ਦਿੰਦੇ ਹਨ। ਸ੍ਰੀ ਬਾਜਵਾ ਨੇ ਪੰਜਾਬ ਦੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਸੂਬੇ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਹਿੰਸਕ ਘਟਨਾਵਾਂ ਨੂੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਦਿੱਤਾ ਜਾਵੇ।

