ਪਾਲ ਸਿੰਘ ਨੌਲੀ
ਜਲੰਧਰ, 19 ਸਤੰਬਰ
ਮੁੱਖ ਅੰਸ਼
- ਕੇਂਦਰੀ ਹਵਾਬਾਜ਼ੀ ਮੰਤਰੀ ਘਟਨਾ ਦੇ ਤੱਥ ਜਨਤਕ ਕਰਨ: ਬਾਜਵਾ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਤੌਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਫਰੈਂਕਫਰਟ ਦੇ ਹਵਾਈ ਅੱਡੇ ’ਤੇ ਇਸ ਕਰਕੇ ਜਹਾਜ਼ ਵਿੱਚ ਨਹੀਂ ਚੜ੍ਹਨ ਦਿੱਤਾ ਗਿਆ ਕਿਉਂਕਿ ਉਹ ਹਵਾਈ ਸਫ਼ਰ ਕਰਨ ਦੀ ਹਾਲਤ ਵਿੱਚ ਨਹੀਂ ਸਨ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਜਵਾ ਨੇ ਦਾਅਵਾ ਕੀਤਾ ਕਿ ਫਰੈਂਕਫਰਟ ਤੋਂ ਆਈ ਰਿਪੋਰਟ ’ਚ ਇਹ ਖੁਲਾਸਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਅਪੀਲ ਕਰਨਗੇ ਕਿ ਉਹ ਲੁਫਥਾਂਸਾ ਏਅਰਲਾਈਨ ਤੋਂ ਪੁੱਛ-ਪੜਤਾਲ ਕਰਨ ਤੇ ਸੱਚ ਬਾਹਰ ਲਿਆਉਣ। ਸ੍ਰੀ ਬਾਜਵਾ ਨੇ ਕਿਹਾ ਕਿ ਇਸ ਮੁੱਦੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਉਹ ਸ੍ਰੀ ਸਿੰਧੀਆ ਕੋਲੋਂ ਮੰਗ ਕਰਨਗੇ ਕਿ ਲੁਫਥਾਂਸਾ ਏਅਰਲਾਈਨ ਤੋਂ ਪ੍ਰਾਪਤ ਹੋਣ ਵਾਲੇ ਵੇਰਵੇ ਜਨਤਕ ਕੀਤੇ ਜਾਣ। ਬਾਜਵਾ ਨੇ ਦਾਅਵਾ ਵੀ ਕੀਤਾ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਚਸ਼ਮਦੀਦ ਗਵਾਹ ਵੀ ਮਿਲਿਆ ਹੈ, ਜਿਸ ਅਨੁਸਾਰ ਉਹ ਹਵਾਈ ਸਫ਼ਰ ਕਰਨ ਦੇ ਸਮਰੱਥ ਨਹੀਂ ਸਨ।
ਮੁੱਖ ਮੰਤਰੀ ਦਾ ਅਕਸ ਖ਼ਰਾਬ ਕਰਨ ਲਈ ਮੁਆਫ਼ੀ ਮੰਗਣ ਬਾਜਵਾ: ਕੰਗ
ਚੰਡੀਗੜ੍ਹ: ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਲੁਫਥਾਂਸਾ ਏਅਰਲਾਈਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਹਾਜ਼ ’ਚੋਂ ਉਤਾਰੇ ਜਾਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਲਈ ਸੁਖਬੀਰ ਸਿੰਘ ਬਾਦਲ ਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਾਏ ਦੋਸ਼ਾਂ ਦੀ ਨਿੰਦਾ ਕੀਤੀ ਅਤੇ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ।
ਭਾਜਪਾ ਕੀ ਸੁਨੇਹਾ ਦੇਣਾ ਚਾਹੁੰਦੀ ਹੈ: ਬਾਜਵਾ
ਚੰਡੀਗੜ੍ਹ (ਟਨਸ): ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਵਿੱਚ ਸ਼ਮੂਲੀਅਤ ਬਾਰੇ ਕਿਹਾ ਕਿ ਜਿਸ ਵਿਅਕਤੀ ਵੱਲੋਂ ਤਿੰਨ ਖੇਤੀ ਕਾਨੂੰਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਅਤੇ ਜੋ ਪੰਜਾਬ ਦੇ ਕਿਸਾਨਾਂ ਦੀ ਨਫ਼ਰਤ ਦਾ ਪਾਤਰ ਹੈ, ਉਸ ਵਿਅਕਤੀ ਨੂੰ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵਿੱਚ ‘ਜੀ ਆਇਆਂ’ ਆਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਬਾਜਵਾ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਦੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ ਭਾਜਪਾ ਅਜਿਹਾ ਕਰਕੇ ਕੀ ਸੁਨੇਹਾ ਦੇਣਾ ਚਾਹੁੰਦੀ ਹੈ।