ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਜਨਵਰੀ
ਨਸ਼ਾ ਤਸਕਰੀ ਦੇ ਕੇਸ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਕਾਂਗਰਸ ਹਾਈਕਮਾਨ ਵੱਲੋਂ ਉਨ੍ਹਾਂ ਕਾਂਗਰਸੀ ਆਗੂਆਂ ਨੂੰ ਮੁੜ ਪਾਰਟੀ ਟਿਕਟਾਂ ਦੇ ਕੇ ਨਿਵਾਜਿਆ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਕਾਂਗਰਸ ਸਰਕਾਰ ਵੇਲੇ ਕਈ ਗੰਭੀਰ ਦੋਸ਼ ਲੱਗੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਦੀ ਚੋਣ ਕਰਨ ਵਾਲਿਆਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਸ਼ਾਮਲ ਸਨ, ਜੋ ਲੋਕਾਂ ਨੂੰ ਭ੍ਰਿਸ਼ਟਾਚਾਰ ਤੇ ਮਾਫੀਆ ਮੁਕਤ ਰਾਜ ਦੇਣ ਦਾ ਦਾਅਵਾ ਕਰਦੇ ਹਨ। ਅਦਾਲਤ ਵੱਲੋਂ ਜ਼ਮਾਨਤ ਮਿਲਣ ਮਗਰੋਂ ਉਹ ਅੱਜ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ ਸਨ।
ਮੀਡੀਆ ਨਾਲ ਗੱਲ ਕਰਦਿਆਂ ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਉਸ ਨੂੰ ਇਕ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਲਈ ਚਾਰ ਡੀਜੀਪੀ ਵੀ ਬਦਲੇ ਗਏ। ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਲਈ ਉਮੀਦਵਾਰ ਐਲਾਨਣ ਬਾਰੇ ਲੋਕਾਂ ਕੋਲੋਂ ਮੰਗੀ ਰਾਏ ਬਾਰੇ ਉਨ੍ਹਾਂ ਕਿਹਾ ਕਿ ਇਹ ਇਕ ਹੋਰ ਡਰਾਮਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪਹਿਲਾਂ ਦਿੱਲੀ ਵੱਲ ਧਿਆਨ ਦੇਣ, ਜਿੱਥੋਂ ਦੇ ਉਹ ਮੁੱਖ ਮੰਤਰੀ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਣ ਦੀਆਂ ਕਿਆਸਅਰਾਈਆਂ ਬਾਰੇ ਸ੍ਰੀ ਮਜੀਠੀਆ ਨੇ ਕਿਹਾ ਕਿ ਇਸ ਬਾਰੇ ਫ਼ੈਸਲਾ ਪਾਰਟੀ ਨੇ ਕਰਨਾ ਹੈ।
ਮਜੀਠਾ ਵਿਧਾਨ ਸਭਾ ਹਲਕੇ ਵਿੱਚ ਐਲਾਨੇ ਗਏ ਕਾਂਗਰਸੀ ਉਮੀਦਵਾਰ ਬਾਰੇ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਕਾਂਗਰਸੀ ਉਮੀਦਵਾਰ ਤੇ ਉਸ ਦੇ ‘ਆਪ’ ਵਿੱਚ ਸ਼ਾਮਲ ਹੋਏ ਭਰਾ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ।
ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਪਹਿਲਾਂ ਮਜੀਠੀਆ ਦਾ ਗੋਲਡਨ ਗੇਟ ਪੁੱਜਣ ’ਤੇ ਅਕਾਲੀ ਕਾਰਕੁਨਾਂ ਨੇ ਸਿਰੋਪਾਓ ਤੇ ਹਾਰ ਪਾ ਕੇ ਸੁਆਗਤ ਕੀਤਾ। ਉਹ ਇਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਇਥੇ ਪੁੱਜੇ ਹਨ।
ਮਜੀਠੀਆ ਦੇ ਸੁਆਗਤੀ ਪ੍ਰੋਗਰਾਮ ’ਚ ਕਰੋਨਾ ਨੇਮਾਂ ਦੀ ਉਲੰਘਣਾ
ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ ਬੇਦੀ): ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਜ਼ਮਾਨਤ ਮਿਲਣ ਤੋਂ ਬਾਅਦ ਅੰਮ੍ਰਿਤਸਰ ਜਾਂਦੇ ਹੋਏ ਜੰਡਿਆਲਾ ਗੁਰੂ ਪਹੁੰਚੇ, ਜਿੱਥੇ ਅਕਾਲੀ ਦਲ ਦੇ ਵਰਕਰਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਮਜੀਠੀਆ ਦੇ ਸੁਆਗਤੀ ਪ੍ਰੋਗਰਾਮ ਮੌਕੇ ਚੋਣ ਕਮਿਸ਼ਨ ਵੱਲੋਂ ਕਰੋਨਾ ਨਿਯਮਾਂ ਤਹਿਤ ਜਾਰੀ ਨਿਰਦੇਸ਼ਾਂ ਅਨੁਸਾਰ 15 ਜਨਵਰੀ ਤੱਕ 5 ਵਿਅਕਤੀਆਂ ਤੋਂ ਵੱਧ ਇਕੱਠ ਨਾ ਹੋਣ ਦੇ ਹੁਕਮਾਂ ਦੀਆਂ ਬੁਰੀ ਤਰ੍ਹਾਂ ਧੱਜੀਆਂ ਉੱਡੀਆਂ। ਪ੍ਰੋਗਰਾਮ ਵਿੱਚ ਸੈਂਕੜੇ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ ਜਿਥੇ ਨਾ ਤਾਂ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆ ਅਤੇ ਨਾ ਹੀ ਕਿਸੇ ਨੇ ਮਾਸਕ ਲਗਾਇਆ ਹੋਇਆ ਸੀ। ਇਸ ਤੋਂ ਇਲਾਵਾ ਪਬਲਿਕ ਥਾਵਾਂ ’ਤੇ ਸਿਆਸੀ ਹੋਰਡਿੰਗਜ਼ ਲਗਾ ਕੇ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਇਸ ਦੌਰਾਨ ਜੰਡਿਆਲਾ ਗੁਰੂ ਵਿੱਚ ਅਕਾਲੀ ਦਲ ਦੋਫਾੜ ਹੋਇਆ ਨਜ਼ਰ ਆਇਆ। ਮਜੀਠੀਆ ਦੇ ਸੁਆਗਤ ਮੌਕੇ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਤੇ ਉਪ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ ਮਨਜਿੰਦਰ ਸਿੰਘ ਭੀਰੀ ਨੇ ਵੱਖਰਾ ਇਕੱਠ ਕਰ ਕੇ ਮਜੀਠੀਆ ਦਾ ਸੁਆਗਤ ਕੀਤਾ ਅਤੇ ਜੰਡਿਆਲਾ ਗੁਰੂ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਦੇ ਮੁੱਖ ਦਾਅਵੇਦਾਰ ਸੰਦੀਪ ਸਿੰਘ ਏਆਰ ਨੇ ਵੱਖਰਾ ਸੁਆਗਤ ਕੀਤਾ।