ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਫਰਵਰੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਵਿਧਾਨ ਸਭਾ ਚੋਣਾਂ ਦੇ ਭਖੇ ਮਾਹੌਲ ਦੌਰਾਨ ਕਾਂਗਰਸ ਲੀਡਰਸ਼ਿਪ ’ਤੇ ਤਾਬੜਤੋੜ ਹੱਲਾ ਬੋਲਿਆ ਹੈ| ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ‘ਚ ਟਿਕਟਾਂ ਦੀ ਵੰਡ ਲਈ ਬਣੀ ਸਕਰੀਨਿੰਗ ਕਮੇਟੀ ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਟਕਸਾਲੀ ਲੀਡਰਾਂ ਨੂੰ ਅੱਖੋਂ ਪਰੋਖੇ ਕਰਕੇ ਤਸਕਰਾਂ ਅਤੇ ਮਾਫ਼ੀਆ ਦੇ ਲੋਕਾਂ ਨੂੰ ਟਿਕਟਾਂ ਦਿੱਤੀਆਂ ਹਨ| ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਕਿ ਪੰਜਾਬ ਚੋਣਾਂ ਵਿਚ ਟਿਕਟਾਂ ਦੀ ਵੰਡ ਦੀ ਉੱਚ ਪੱਧਰੀ ਕਮੇਟੀ ਬਣਾ ਕੇ ਨਿਰਪੱਖ ਜਾਂਚ ਕੀਤੀ ਜਾਵੇ|
ਸ੍ਰੀ ਦੂਲੋ ਨੇ ਕਾਂਗਰਸੀ ਟਿਕਟਾਂ ਦੀ ਵੰਡ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਕਟਹਿਰੇ ਵਿਚ ਖੜ੍ਹਾ ਕੀਤਾ ਹੈ| ਉਨ੍ਹਾਂ ਕਿਹਾ ਕਿ ਸਕਰੀਨਿੰਗ ਕਮੇਟੀ ਨੇ ਹਾਈਕਮਾਨ ਨੂੰ ਹਨੇਰੇ ਵਿਚ ਰੱਖ ਕੇ ਅਮੀਰ ਲੋਕਾਂ ਨੂੰ ਟਿਕਟਾਂ ਦਿਵਾਈਆਂ ਹਨ ਅਤੇ ਗ਼ਰੀਬ ਤੇ ਸ਼ਰੀਫ਼ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ| ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਾਂਗਰਸ ਲਈ ਅਤਿਵਾਦ ਦੇ ਸਮੇਂ ਲੜਾਈ ਲੜੀ, ਉਨ੍ਹਾਂ ਨੂੰ ਮਾਫੀਆ ਦੇ ਦਬਾਅ ਹੇਠ ਬਾਹਰ ਹੀ ਕਰ ਦਿੱਤਾ ਗਿਆ|
ਉਨ੍ਹਾਂ ਕਿਹਾ ਕਿ ਜਿਹੜੇ ਵਜ਼ੀਰ ਘਪਲਿਆਂ ਵਿੱਚ ਸ਼ਾਮਲ ਸਨ, ਉਨ੍ਹਾਂ ਨੂੰ ਮੁੜ ਉਮੀਦਵਾਰ ਬਣਾਇਆ ਗਿਆ| ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਤਾਂ ਸਕਰੀਨਿੰਗ ਕਮੇਟੀ ਨੂੰ ਅਗਾਊ ਚੌਕਸ ਕੀਤਾ ਸੀ ਕਿ ਮਾਫ਼ੀਆ ਦੇ ਲੋਕਾਂ ਨੂੰ ਟਿਕਟਾਂ ਨਾ ਦਿੱਤੀਆਂ ਜਾਣ ਪ੍ਰੰਤੂ ਇਸ ਦੇ ਬਾਵਜੂਦ ਮਾਫ਼ੀਆ ਦੇ ਲੋਕ ਉਮੀਦਵਾਰ ਬਣਨ ਵਿਚ ਕਾਮਯਾਬ ਹੋਏ ਹਨ|
ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਐਚ.ਐਸ.ਹੰਸਪਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਾਬਕਾ ਚੇਅਰਮੈਨ ਰਮਨ ਬਹਿਲ, ਸਾਬਕਾ ਮੰਤਰੀ ਮਲਕੀਤ ਦਾਖਾ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ, ਵਿਧਾਇਕ ਫਤਹਿਜੰਗ ਬਾਜਵਾ ਆਦਿ ਨੂੰ ਕਾਂਗਰਸ ਨੂੰ ਮਜਬੂਰਨ ਅਲਵਿਦਾ ਕਹਿਣਾ ਪਿਆ|
ਉਨ੍ਹਾਂ ਦੱਸਿਆ ਕਿ ਉਹ ਸੋਨੀਆ ਗਾਂਧੀ ਨੂੰ ਪੱਤਰ ਭੇਜ ਰਹੇ ਹਨ ਤਾਂ ਜੋ ਇਸ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਹੋਵੇ| ਉਨ੍ਹਾਂ ਕਿਹਾ ਕਿ ਇੱਕ ਬੰਨੇ ਰਾਹੁਲ ਗਾਂਧੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਗੱਲ ਆਖਦੇ ਹਨ ਅਤੇ ਦੂਸਰੇ ਪਾਸੇ ਸ਼ਰਾਬ ਮਾਫ਼ੀਆ ਦੇ ਲੋਕਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਂਦੀਆਂ ਹਨ|