ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਸਤੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਤੋਂ ਭੱਜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਟਿੱਪਣੀ, ‘‘ਸਾਰੇ 122 ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਜਾ ਸਕਦੇ, ਇਸ ਨਾਲ ਸੂਬੇ ’ਚ ਬਿਜਲੀ ਸੰਕਟ ਪੈਦਾ ਹੋ ਜਾਵੇਗਾ’’ ਨੇ ਸਾਫ਼ ਕਰ ਦਿੱਤਾ ਹੈ ਕਿ ਸੱਤਾਧਾਰੀ ਕਾਂਗਰਸੀ ਵੀ ਬਾਦਲਾਂ ਵਾਂਗ ਨਿੱਜੀ ਬਿਜਲੀ ਕੰਪਨੀਆਂ ਦਾ ਸਾਥ ਛੱਡਣਾ ਨਹੀਂ ਚਾਹੁੰਦੀ। ਇਸੇ ਕਰਕੇ ਬਿਜਲੀ ਸਮਝੌਤਿਆਂ ਬਾਰੇ ਕੁਝ ਦਿਨ ਪਹਿਲਾਂ ਜੋ ਸੁਖਬੀਰ ਸਿੰਘ ਬਾਦਲ ਕਹਿ ਰਹੇ ਸਨ, ਹੁਣ ਮੁੱਖ ਮੰਤਰੀ ਨੇ ਇੰਨ੍ਹ-ਬਿੰਨ੍ਹ ਦੁਹਰਾ ਦਿੱਤਾ। ਸ੍ਰੀ ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸੀ ਬਿਜਲੀ ਖ਼ਰੀਦ ਸਮਝੌਤਿਆਂ ਬਾਰੇ ਬਹਿਸ ਤੋਂ ਵੀ ਭੱਜ ਰਹੇ ਹਨ।