ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜਨਵਰੀ
ਇੱਥੇ ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਸੱਤਾਧਾਰੀ ਪਾਰਟੀ ਨੇ ਪੰਜਾਬ ਪੁਲੀਸ ਦੇ ਖੁਫ਼ੀਆ ਵਿੰਗ ਨੂੰ ਇਕ ਪ੍ਰਾਈਵੇਟ ਕੰਪਨੀ ਦੇ ਹਵਾਲੇ ਕੀਤਾ ਹੈ। ਪਾਰਟੀ ਦੇ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ੍ਰੀ ਬੈਂਸ ਨੇ ਸੂਬੇ ਦੇ ਖੁਫ਼ੀਆ ਵਿੰਗ ਦੀ ਇਕ ਨਿੱਜੀ ਕੰਪਨੀ ਮੂਵਡੈਕ ਪੋਲੀਟਿਕੋ ਵੱਲੋਂ ਦੁਰਵਰਤੋਂ ਕਰਨ ਸਬੰਧੀ ਸਾਰੇ ਦਸਤਾਵੇਜ਼ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਉੱਚ ਪੁਲੀਸ ਅਫਸਰਾਂ ਨੂੰ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਲਈ ਨਿੱਜੀ ਕੰਪਨੀ ਨਾਲ ਰਲ ਕੇ ਕੰਮ ਕਰਨ ਦੀ ਹਦਾਇਤ ਕੀਤੀ ਗਈ। ਸ੍ਰੀ ਬੈਂਸ ਨੇ ਕਿਹਾ ਕਿ ਪਾਰਟੀ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ।