ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਘੜਨ ਦੀ ਗੱਲ ਕਰਦਿਆਂ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਾਉਣ ਦੀ ਮੰਗ ਕੀਤੀ ਹੈ। ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸਾਂਝੀ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ 22 ਅਕਤੂਬਰ ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿੱਚ ਗੁਪਤ ਮੀਟਿੰਗ ਕਰਕੇ ਸਾਜ਼ਿਸ਼ ਰਚੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸੀਨੀਅਰ ਪੁਲੀਸ ਅਧਿਕਾਰੀ ਤੇ ਸੇਵਾ ਮੁਕਤ ਪੁਲੀਸ ਅਧਿਕਾਰੀ ਆਰਐੱਸ ਖੱਟੜਾ, ਸੁਲੱਖਣ ਸਿੰਘ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਕੁਲਬੀਰ ਜ਼ੀਰਾ ਵੀ ਸ਼ਾਮਲ ਸਨ। ਗਰੇਵਾਲ ਨੇ ਦੱਸਿਆ ਕਿ ਕਾਂਗਰਸ ਸਰਕਾਰ ਸੱਤਾ ਵਿਰੋਧੀ ਲਹਿਰ ਨੁੂੰ ਖਤਮ ਕਰਨ ਦੇ ਮਕਸਦ ਨਾਲ ਸਿਆਸੀ ਵਿਰੋਧੀਆਂ ਤੇ ਖਾਸ ਤੌਰ ’ਤੇ ਬਾਦਲ ਪਰਿਵਾਰ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਲੋਕਾਂ ਦਾ ਧਿਆਨ ਪਾਸੇ ਕਰਨਾ ਸੀ। ਉਨ੍ਹਾਂ ਕਿਹਾ ਕਿ ਸਾਬਕਾ ਆਈਜੀ ਆਰਐੱਸ ਖੱਟੜਾ ਦੀ ਜ਼ਿੰਮੇਵਾਰੀ ਲਗਾਈ ਗਈ ਸੀ ਕਿ ਉਹ ਬਾਦਲ ਪਰਿਵਾਰ ਖ਼ਿਲਾਫ਼ ਝੂਠੇ ਗਵਾਹ ਤਿਆਰ ਕਰਨ। ਉਨ੍ਹਾਂ ਕਿਹਾ ਕਿ ਖੱਟੜਾ ਨਾਲ ਵਾਅਦਾ ਕੀਤਾ ਗਿਆ ਹੈ ਕਿ ਉਸ ਨੂੰ ਸੰਵਿਧਾਨਕ ਅਹੁਦਾ ਦਿੱਤਾ ਜਾਵੇਗਾ ਤੇ ਉਸ ਦੇ ਪੁੱਤਰ ਨੂੰ ਪਟਿਆਲਾ ਜਾਂ ਮਾਲਵਾ ਖ਼ਿੱਤੇ ਵਿਚੋਂ ਕਾਂਗਰਸ ਪਾਰਟੀ ਦੀ ਟਿਕਟ ਦਿੱਤੀ ਜਾਵੇਗੀ।
ਗਰੇਵਾਲ ਨੇ ਕਿਹਾ ਕਿ ਇਸ ਸੌਦੇ ਵਜੋਂ ਕਾਂਗਰਸੀ ਵਰਕਰ ਰਾਜਿੰਦਰ ਕੌਰ ਮੀਮਸਾ ਨੂੰ ਅਕਾਲੀ ਦਲ ਪ੍ਰਧਾਨ ਦੇ ਖ਼ਿਲਾਫ਼ ਝੂਠੇ ਗਵਾਹ ਵਜੋਂ ਪੇਸ਼ ਹੋਣ ਲਈ ਤਿਆਰ ਕੀਤਾ ਗਿਆ ਹੈ। ਸਾਜ਼ਿਸ਼ ਤਹਿਤ ਰਾਜਿੰਦਰ ਕੌਰ ਇੱਕ ਪ੍ਰੈੱਸ ਕਾਨਫਰੰਸ ਕਰੇਗੀ ਅਤੇ ਡੀਜੀਪੀ ਨੂੰ ਫੋਨ ਕਰ ਕੇ ਪੁੱਛੇਗੀ ਕਿ ਉਸ ਦੀ ਸ਼ਿਕਾਇਤ ਕਿਉਂ ਨਹੀਂ ਦਰਜ ਕੀਤੀ ਜਾ ਰਹੀ। ਫਿਰ ਪੂਰੀ ਸਾਜ਼ਿਸ਼ ਤਹਿਤ ਗੱਲ ਅੱਗੇ ਵਧਾਏਗੀ। ਚੰਦੂਮਾਜਰਾ ਤੇ ਡਾ. ਚੀਮਾ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਹ ਮਾਮਲੇ ’ਚ ਢੁਕਵੀਂ ਕਾਰਵਾਈ ਕਰਨ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਰਾਜਪਾਲ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਰਾਜ ਭਵਨ ਦੇ ਉਸ ਹਿੱਸੇ ਦੀ 22 ਅਕਤੂਬਰ ਦੀ ਸੀਸੀਟੀਵੀ ਫੁਟੇਜ ਦੇਣ ਜਿੱਥੇ ਮੀਟਿੰਗ ਹੋਈ ਸੀ। ਉਨ੍ਹਾਂ ਐੱਸਆਈਟੀ ਦੀ ਗੁਪਤ ਮੀਟਿੰਗ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਹੁਣ ਚੰਨੀ ਸਰਕਾਰ ਕੇਂਦਰ ਦੇ ਹੱਥਾਂ ਵਿਚ ਖੇਡ ਰਹੀ ਹੈ ਤੇ ਅਕਾਲੀ ਦਲ ਦੇ ਪ੍ਰਧਾਨ ਦੇ ਫੋਨ ਟੈਪ ਕਰਨ ਤੱਕ ਗਈ ਹੈ। ਉਹ ਸੰਸਦ ਦੇ ਆਉਂਦੇ ਸੈਸ਼ਨ ਦੌਰਾਨ ਇਸ ਮਾਮਲੇ ਵਿੱਚ ਵਿਸ਼ੇਸ਼ ਅਧਿਕਾਰ ਮਤਾ ਵੀ ਪੇਸ਼ ਕਰਨਗੇ।