ਕਾਂਗਰਸ ਵੱਲੋਂ ਜਲੰਧਰ ਵਿੱਚ ਸੰਵਿਧਾਨ ਬਚਾਓ ਰੈਲੀ
ਇੱਥੇ ਕਾਂਗਰਸੀਆਂ ਵੱਲੋਂ ਸੰਵਿਧਾਨ ਬਚਾਓ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਵਿਧਾਇਕ ਅਵਤਾਰ ਸਿੰਘ ਜੂਨੀਅਰ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਦੁਹਰਾਇਆ ਕਿ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਭਾਰਤ ਦੇ ਸੰਵਿਧਾਨ ਦੀ ਰੱਖਿਆ ਕਰੇਗੀ ਅਤੇ ਭਾਜਪਾ ਨੂੰ ਲੋਕਤੰਤਰ ਕਮਜ਼ੋਰ ਨਹੀਂ ਕਰਨ ਦੇਵੇਗੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪਾਰਟੀ 2027 ਦੀਆਂ ਚੋਣਾਂ ਪੂਰੀ ਤਾਕਤ ਅਤੇ ਸਪੱਸ਼ਟ ਦ੍ਰਿਸ਼ਟੀ ਨਾਲ ਲੜੇਗੀ।
ਇਸੇ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਅਤੇ ‘ਆਪ’ ਇੱਕੋ ਸਿੱਕੇ ਦੇ ਪਹਿਲੂ ਹਨ। ਉਨ੍ਹਾਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਹੋਈ ਤਬਾਹੀ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਤਿੰਨਾਂ ਸੂਬਿਆਂ ਵਿੱਚ ਆਏ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਜਾਵੇ। ਇਸ ਦੇ ਨਾਲ ਹੀ ਤਿੰਨਾਂ ਸੂਬਿਆਂ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਇੱਕ ਵਿਸ਼ੇਸ਼ ਪੈਕੇਜ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਫੌਜ ਦੇ ਜਵਾਨਾਂ ਦੀ ਸਹਾਇਤਾ ਨਾਲ ਹੜ੍ਹ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਚਲਾਏ ਜਾ ਰਹੇ ਹਨ। ਸਥਿਤੀ ਅਜੇ ਵੀ ਕਾਬੂ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਆਫ਼ਤ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ, ਉਨ੍ਹਾਂ ਦੇ ਭੋਜਨ ਅਤੇ ਰਹਿਣ-ਸਹਿਣ ਦੇ ਪ੍ਰਬੰਧਾਂ ’ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਇਸ ਲਈ ਸਖ਼ਤ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।