ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਂਗਰਸ ਵੱਲੋਂ ‘ਸੰਵਿਧਾਨ ਬਚਾਓ ਰੈਲੀ’

ਜਾਂਚ ਏਜੰਸੀਆਂ ਰਾਹੀਂ ਵਿਰੋਧੀ ਧਿਰ ਦੀ ਆਵਾਜ਼ ਦਬਾ ਰਿਹੈ ਕੇਂਦਰ: ਰਾਜਾ ਵੜਿੰਗ
Advertisement

ਕੇ ਪੀ ਸਿੰਘ

ਦੀਨਾਨਗਰ, 22 ਜੂਨ

Advertisement

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ, ਸੀਬੀਆਈ ਅਤੇ ਆਮਦਨ ਕਰ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਗੰਭੀਰ ਖ਼ਤਰੇ ਵਿੱਚ ਹੈ। ਅੱਜ ਦੇਸ਼ ਵਿੱਚ ਸੰਵਿਧਾਨ ਦੀ ਰੱਖਿਆ ਸਭ ਤੋਂ ਵੱਡੀ ਲੋੜ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿੱਥੇ ਨਰਿੰਦਰ ਮੋਦੀ ਸਰਕਾਰ ਆਪਣੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ, ਉੱਥੇ ਹੀ ਭਗਵੰਤ ਮਾਨ ਸਰਕਾਰ ਆਪਣੇ ਵਿਰੋਧੀਆਂ ਨੂੰ ਚੁੱਪ ਕਰਾਉਣ ਲਈ ਵਿਜੀਲੈਂਸ ਅਤੇ ਪੁਲੀਸ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੇ ਹਨ। ਰਾਜਾ ਵੜਿੰਗ ਇੱਥੇ ‘ਸੰਵਿਧਾਨ ਬਚਾਓ ਰੈਲੀ’ ਨੂੰ ਸੰਬੋਧਨ ਕਰ ਰਹੇ ਸਨ।

ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੋਦੀ ਸਰਕਾਰ ਭੀਮ ਰਾਓ ਅੰਬੇਡਕਰ ਦੀ ਲੰਬੀ ਮਿਹਨਤ ਅਤੇ ਸੰਘਰਸ਼ ਤੋਂ ਬਾਅਦ ਤਿਆਰ ਕੀਤੇ ਸੰਵਿਧਾਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਤਿੰਨ ਸਾਲਾਂ ਵਿੱਚ 4.5 ਲੱਖ ਕਰੋੜ ਰੁਪਏ ਦਾ ਕਰਜ਼ਦਾਰ ਹੋ ਗਿਆ ਹੈ, ਜਦੋਂਕਿ ਸਰਕਾਰ ਨੇ ਔਰਤਾਂ ਨੂੰ 2500 ਰੁਪਏ ਪੈਨਸ਼ਨ ਅਤੇ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।

ਵਿਧਾਇਕਾ ਅਰੁਣਾ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਸੰਵਿਧਾਨਕ ਸੰਸਥਾਵਾਂ ਨੂੰ ਨਜ਼ਰਅੰਦਾਜ਼ ਕਰਕੇ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਕੇਂਦਰ ’ਤੇ ਸੰਵਿਧਾਨ ਦੀਆਂ ਵਿਆਖਿਆਵਾਂ ਨੂੰ ਆਪਣੀ ਸਹੂਲਤ ਅਨੁਸਾਰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਇਆ।

ਉਨ੍ਹਾਂ ਕਿਹਾ ਕਿ ‘ਸੰਵਿਧਾਨ ਬਚਾਓ ਰੈਲੀ’ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਇੱਕ ਸੁਚੇਤ ਅਤੇ ਜ਼ਿੰਮੇਵਾਰ ਯਤਨ ਹੈ। ਰੈਲੀ ਵਿੱਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ, ਸਾਬਕਾ ਮੰਤਰੀ ਰਾਜ ਜੀਤ ਸਿੰਘ ਭੁੱਲਰ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਗੁਰਦਾਸਪੁਰ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਆਦਿ ਮੌਜੂਦ ਸਨ।

Advertisement