ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਅਕਤੂਬਰ
ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕੌਮੀ ਕਾਂਗਰਸ ਕਮੇਟੀ ਵੱਲੋਂ ਸਥਾਈ ਇਨਵਾਈਟੀ ਨਿਯੁਕਤ ਕਰਨ ਦੇ ਫ਼ੈਸਲੇ ਦਾ ਸਿੱਖਾਂ ਵੱਲੋਂ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਫ਼ੈਸਲੇ ਨੂੰ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲਾ ਆਖਿਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ 1984 ਦਿੱਲੀ ਸਿੱਖ ਕਤਲੇਆਮ ਦੇ ਕਥਿਤ ਮੁੱਖ ਦੋਸ਼ੀ ਨੂੰ ਕਾਂਗਰਸ ਵੱਲੋਂ ਅਹੁਦਾ ਦੇ ਕੇ ਨਿਵਾਜਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਨਵੰਬਰ 1984 ਵਿਚ ਹਜ਼ਾਰਾਂ ਬੇਗ਼ੁਨਾਹ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਕਾਂਗਰਸ ਵੱਲੋਂ ਵਾਰ-ਵਾਰ ਅਹੁਦੇ ਦੇ ਕੇ ਸਨਮਾਨਣਾ ਸਿੱਖਾਂ ਦੇ ਕਾਤਲਾਂ ਦੀ ਸਿੱਧੀ ਹਮਾਇਤ ਕਰਨਾ ਹੈ। ਉਨ੍ਹਾਂ ਆਖਿਆ ਕਿ ਵੱਡਾ ਦੁੱਖ ਇਸ ਗੱਲ ਦਾ ਹੈ ਕਿ ਟਾਈਟਲਰ ਦੀ ਨਿਯੁਕਤੀ ਨਾਲ ਸਿੱਖ ਕਤਲੇਆਮ ਦੇ ਵਰ੍ਹੇਗੰਢ ਦੇ ਮੌਕੇ ’ਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ।