ਟ੍ਰਿਬਿਊਨ ਨਿੳਜ਼ ਸਰਵਿਸ
ਚੰਡੀਗੜ੍ਹ, 2 ਫਰਵਰੀ
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ’ਤੇ ਅੰਦਰੂਨੀ ਲੋਕਤੰਤਰ ਦੇ ਨਾਮ ’ਤੇ ਲੋਕਾਂ ਨਾਲ ਧੋਖਾ ਕਰਨ ਦੇ ਦੋਸ਼ ਲਾਏ ਹਨ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਕਿ ਭਾਵੇਂ ਪਾਰਟੀ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦੇ ਦਾਅਵੇ ਨੂੰ ਵੱਡੀ ਗਿਣਤੀ ਵਿੱਚ ਹਮਾਇਤ ਦਿੱਤੀ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ, ਨੇ ਕਾਂਗਰਸ ਹਾਈਕਮਾਂਡ ਵੱਲੋਂ ਅੰਦਰੂਨੀ ਲੋਕਤੰਤਰ ਦੇ ਨਾਂ ’ਤੇ ਕੀਤੇ ਜਾ ਰਹੇ ਧੋਖੇ ਨੂੰ ਬੇਨਕਾਬ ਕਰ ਦਿੱਤਾ ਹੈ। ਡਾ. ਚੀਮਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫੌਰੀ ਅਸਤੀਫਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਨਾ ਸਿਰਫ਼ ਆਪਣੇ ਵਿਧਾਇਕਾਂ ਨਾਲ, ਸਗੋਂ ਆਪਣੀ ਪਾਰਟੀ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਨਾਲ ਧੋਖਾ ਕੀਤਾ ਹੈ। ਡਾ. ਚੀਮਾ ਨੇ ਕਿਹਾ ਕਿ ਹੁਣ ਸੁਨੀਲ ਜਾਖੜ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ 42 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ 16, ਪ੍ਰਨੀਤ ਕੌਰ ਨੂੰ 12 ਤੇ ਚੰਨੀ ਨੂੰ ਸਿਰਫ਼ 2 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਕਾਂਗਰਸ ਹਾਈ ਕਮਾਂਡ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਸਲੀਅਤ ਦੱਸੇ।