ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਨਵੰਬਰ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਹਲਕੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਘਰ ਵਾਪਸੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਦਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸਵਾਗਤ ਕੀਤਾ। ਉਨ੍ਹਾਂ ਕਾਂਗਰਸ ਸਰਕਾਰ ਵਲੋਂ ਸੱਦੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਨੂੰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਸ੍ਰੀ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਕੇਂਦਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਅਤੇ ਖੇਤੀ ਕਾਨੂੰਨਾਂ ਵਰਗੇ ਸੰਵੇਦਨਸ਼ੀਲ ਮਾਮਲਿਆਂ ’ਤੇ ਅਰਥਹੀਣ ਮਤੇ ਪਾਸ ਕਰਕੇ ਪੰਜਾਬੀਆਂ ਦੀਆਂ ਅੱਖਾਂ ਵਿਚ ਘੱਟਾ ਪਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਸ ਸਬੰਧ ਵਿਚ ਕਾਰਜਕਾਰੀ ਹੁਕਮ ਪਾਸ ਕਰਕੇ ਬੀਐਸਐਫ ਦੇ ਕੌਮਾਂਤਰੀ ਸਰਹੱਦ ਤੋਂ 15 ਕਿਲੋਮੀਟਰ ਤੋਂ ਵੱਧ ਤੱਕ ਕੋਈ ਕਾਰਵਾਈ ਕਰਨ ’ਤੇ ਰੋਕ ਲਾਉਣੀ ਚਾਹੀਦੀ ਹੈ।